ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਮੋਹਾਲੀ ਛੇਤੀ ਕਾਰਜਸ਼ੀਲ ਹੋਵੇਗਾ-ਮੁੱਖ ਮੰਤਰੀ

ਚੰਡੀਗੜ, 26 ਸਤੰਬਰ

ਸੂਬਾ ਭਰ ਦੇ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਉਣ ਲਈ ਵੱਡੀ ਪਹਿਲਕਦਮੀ ਵਜੋਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਡਾ. ਬੀ.ਆਰ. ਅੰਬੇਦਕਰ ਇੰਸਟਿਚਿਊਟ ਆਫ ਮੈਡੀਕਲ ਸਾਇੰਸਜ਼, ਮੋਹਾਲੀ ਨੂੰ ਛੇਤੀ ਕਾਰਜਸ਼ੀਲ ਕਰੇਗੀ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰਨ ਲਈ ਉਪਰਾਲੇ ਨਿਰੰਤਰ ਜਾਰੀ ਰੱਖੇ ਹੋਏ ਹਨ। ਉਨਾਂ ਕਿਹਾ ਕਿ ਕੌਮੀ ਮੈਡੀਕਲ ਕਮਿਸ਼ਨ (ਐਨ.ਐਮ.ਸੀ.) ਦੀ ਮੈਡੀਕਲ ਅਸੈੱਸਮੈਂਟ ਐਂਡ ਰੇਟਿੰਗ ਬੋਰਡ (ਐਮ.ਏ.ਆਰ.ਬੀ.) ਨੇ ਕਮਿਸ਼ਨ ਦੇ ਨਿਰਧਾਰਕ ਦੀ ਰਿਪੋਰਟ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫਰੀਦਕੋਟ ਅਧੀਨ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਵਿਖੇ ਰੈਗੂਲਰ ਕਲਾਸਾਂ ਸ਼ੁਰੂ ਕਰਨ ਲਈ ਪ੍ਰਵਾਨਗੀ ਪੱਤਰ ਜਾਰੀ ਕਰ ਦਿੱਤਾ ਹੈ।

ਸ. ਚੰਨੀ ਨੇ ਅੱਗੇ ਦੱਸਿਆ ਕਿ ਐਨ.ਐਮ.ਸੀ. ਦੇ ਫੈਸਲੇ ਨਾਲ ਇਸ ਸੰਸਥਾ ਲਈ 100 ਸੀਟਾਂ ਅਲਾਟ ਕੀਤੀਆਂ ਗਈਆਂ ਹਨ ਜਿਸ ਨਾਲ ਵਿਦਿਆਰਥੀਆਂ ਲਈ ਮਿਆਰੀ ਮੈਡੀਕਲ ਸਿੱਖਿਆ ਤੇ ਖੋਜ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਖਿੱਤੇ ਦੇ ਲੋਕਾਂ ਨੂੰ ਵਾਜਬ ਦਰਾਂ ਉਤੇ ਬਿਹਤਰ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸੰਸਥਾ ਲਈ ਲੋੜੀਂਦੇ ਸਟਾਫ ਦੀ ਭਰਤੀ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ। ਉਨਾਂ ਕਿਹਾ ਕਿ ਨੈਸਨਲ ਮੈਡੀਕਲ ਕਮਿਸਨ ਦੇ ਨਿਯਮਾਂ ਅਨੁਸਾਰ ਅਤਿ ਆਧੁਨਿਕ ਮੈਡੀਕਲ ਸੰਸਥਾ ਇਮਾਰਤਾਂ, ਉਪਕਰਨਾਂ ਅਤੇ ਹਸਪਤਾਲ ਸਹੂਲਤਾਂ ਦੇ ਮਾਮਲੇ ਵਿੱਚ ਪਹਿਲਾਂ ਹੀ ਸਾਰੀਆਂ ਬੁਨਿਆਦੀ ਢਾਂਚਾ ਸਹੂਲਤਾਂ ਨਾਲ ਲੈਸ ਹੈ। ਸ. ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਮਿਸ਼ਨ ਦੀ ਲੋੜ ਅਨੁਸਾਰ ਇੰਸਟੀਚਿਊਟ ਲਈ ਬਜਟ ਵਿੱਚ ਢੁਕਵੀਂ ਵਿਵਸਥਾ ਵੀ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਦਿਨ ਹੈ, ਕਿਉਂਕਿ ਇਸ ਸੰਸਥਾ ਦੇ ਚਾਲੂ ਹੋਣ ਨਾਲ ਸੂਬੇ ਵਿੱਚ ਮੈਡੀਕਲ ਸਿੱਖਿਆ ਨੂੰ ਜਿੱਥੇ ਇੱਕ ਪਾਸੇ ਵੱਡਾ ਹੁਲਾਰਾ ਮਿਲੇਗਾ, ਓਥੇ ਹੀ ਦੂਜੇ ਪਾਸੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ। ਉਨਾਂ ਨੇ ਪ੍ਰਵਾਨਗੀ ਪ੍ਰਦਾਨ ਕਰਨ ਲਈ ਕਮਿਸ਼ਨ ਦਾ ਧੰਨਵਾਦ ਵੀ ਕੀਤਾ। ਸ੍ਰੀ ਚੰਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੰਸਥਾ ਵਿੱਚ ਅਕਾਦਮਿਕ ਸੈਸਨ ਨੂੰ ਛੇਤੀ ਤੋਂ ਛੇਤੀ ਸੁਰੂ ਕਰਨ ਲਈ ਲੋੜੀਂਦੀਆਂ ਪ੍ਰਬੰਧ ਮੁਕੰਮਲ ਕਰਨ।

—-

ਪੰਜਾਬ ਦੇ ਰਾਜਪਾਲ ਨੇ 15 ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ

ਚੰਡੀਗੜ, 26 ਸਤੰਬਰ:

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਅੱਜ ਸੱਤ ਨਵੇਂ ਚੁਣੇ ਗਏ ਮੰਤਰੀਆਂ ਸਮੇਤ ਕੁੱਲ 15 ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ।

ਪੰਜਾਬ ਰਾਜ ਭਵਨ ਵਿਖੇ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸ੍ਰੀ ਓ.ਪੀ. ਸੋਨੀ ਵੀ ਮੌਜੂਦ ਰਹੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਭਵਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁੱਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਦਾ ਸੰਚਾਲਨ ਕੀਤਾ।

ਇਸ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਸਹੁੰ ਚੁੱਕਣ ਵਾਲੇ ਕੈਬਨਿਟ ਮੰਤਰੀਆਂ ਵਿੱਚ ਸ੍ਰੀ ਬ੍ਰਹਮ ਮਹਿੰਦਰਾ, ਸ੍ਰੀ ਮਨਪ੍ਰੀਤ ਸਿੰਘ ਬਾਦਲ, ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਸ੍ਰੀਮਤੀ ਅਰੁਨਾ ਚੌਧਰੀ, ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ, ਸ੍ਰੀ ਰਾਣਾ ਗੁਰਜੀਤ ਸਿੰਘ, ਸ੍ਰੀਮਤੀ ਰਜ਼ੀਆ ਸੁਲਤਾਨਾ, ਸ੍ਰੀ ਵਿਜੈ ਇੰਦਰ ਸਿੰਗਲਾ, ਸ੍ਰੀ ਭਾਰਤ ਭੂਸ਼ਣ ਆਸ਼ੂ, ਸ੍ਰੀ ਰਣਦੀਪ ਸਿੰਘ ਨਾਭਾ, ਡਾ. ਰਾਜ ਕੁਮਾਰ ਵੇਰਕਾ, ਸ੍ਰੀ ਸੰਗਤ ਸਿੰਘ ਗਿਲਜ਼ੀਆਂ, ਸ੍ਰੀ ਪ੍ਰਗਟ ਸਿੰਘ, ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ੍ਰੀ ਗੁਰਕੀਰਤ ਸਿੰਘ ਕੋਟਲੀ ਸ਼ਾਮਲ ਸਨ।

ਇਸ ਸਮਾਗਮ ਵਿੱਚ ਸੂਬੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਸਹੁੰ ਚੁੱਕਣ ਵਾਲੇ ਨਵੇਂ ਕੈਬਨਿਟ ਮੰਤਰੀਆਂ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਦੋਸਤ-ਮਿੱਤਰ ਸ਼ਾਮਲ ਹੋਏ।

————

ਮੁੱਖ ਮੰਤਰੀ ਵੱਲੋਂ ਨਰਮਾ ਪੱਟੀ ਦਾ ਤੂਫਾਨੀ ਦੌਰਾ, ਗੁਲਾਬੀ ਸੁੰਡੀ ਦੇ ਹਮਲੇ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਕੀੜਿਆਂ ਦੇ ਹਮਲੇ ਰੋਕਣ ਲਈ ਬੀਜ ਦੀ ਗੁਣਵੱਤਾ ਦੀ ਪਰਖ ਅਤੇ ਪ੍ਰਮਾਣਿਕਤਾ ਲਈ ਵੱਖ-ਵੱਖ ਥਾਵਾਂ ਉਤੇ ਲੈਬ ਸਥਾਪਤ ਕਰਨ ਦਾ ਐਲਾਨ

ਬਠਿੰਡਾ, 26 ਸਤੰਬਰ

ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਨਰਮਾ ਉਤਪਾਦਕਾਂ ਨੂੰ ਢੁਕਵਾਂ ਮੁਆਵਜ਼ਾ ਦੇਵੇਗੀ।

ਮੁੱਖ ਮੰਤਰੀ ਨੇ ਅੱਜ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨਾਲ ਫਸਲਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਮਾਲਵੇ ਖਿੱਤੇ ਦੀ ਨਰਮਾ ਪੱਟੀ ਦਾ ਤੂਫਾਨੀ ਦੌਰਾ ਕੀਤਾ।

ਪਿੰਡ ਨਸੀਬਪੁਰਾ ਅਤੇ ਕਟਾਰ ਸਿੰਘ ਵਾਲਾ ਵਿਖੇ ਮੁੱਖ ਮੰਤਰੀ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਬੀਜ ਦੀ ਗੁਣਵੱਤਾ ਦੀ ਪਰਖ ਅਤੇ ਪ੍ਰਮਾਣਿਕਤਾ ਲਈ ਸੂਬਾ ਭਰ ਵਿਚ ਲੈਬ ਸਥਾਪਤ ਕਰਨ ਲਈ ਆਖਿਆ ਤਾਂ ਕਿ ਮੁੜ ਅਜਿਹੇ ਕੀਟ ਹਮਲੇ ਰੋਕੇ ਜਾ ਸਕਣ। ਸ. ਚੰਨੀ ਨੇ ਅਧਿਕਾਰੀਆਂ ਨੂੰ ਬਿਹਤਰ ਕੀਟਨਾਸ਼ਕਾਂ ਮੁਹੱਈਆ ਕਰਵਾਉਣ ਲਈ ਹਰ ਹੀਲਾ ਵਰਤਣ ਲਈ ਕਿਹਾ ਤਾਂ ਕਿ ਕਿਸਾਨ ਦੀ ਬੇਸ਼ਕੀਮਤੀ ਫਸਲ ਕੀੜਿਆਂ ਦੇ ਹਮਲਿਆਂ ਤੋਂ ਬਚਾਈ ਜਾ ਸਕੇ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿਚ ਕਿਸਾਨਾਂ ਨਾਲ ਡਟ ਕੇ ਖੜੀ ਹੈ। ਉਨਾਂ ਕਿਹਾ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਇਕ-ਇਕ ਪੈਸਾ ਪੰਜਾਬ ਸਰਕਾਰ ਸਿੱਧਾ ਉਨਾਂ ਦੇ ਖਾਤਿਆਂ ਵਿਚ ਪਾਵੇਗੀ। ਸ. ਚੰਨੀ ਨੇ ਅਧਿਕਾਰੀਆਂ ਨੂੰ ਸਰਵੇਖਣ ਦੀ ਪ੍ਰਕਿਰਿਆ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਆਖਿਆ ਤਾਂ ਕਿ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦਾ ਪਹਿਲਾ ਟੀਚਾ ਲੋੜੀਂਦੇ ਇਹਤਿਆਦੀ ਕਦਮਾਂ ਰਾਹੀਂ ਇਸ ਹਮਲੇ ਨੂੰ ਹੋਰ ਫੈਲਣ ਤੋਂ ਰੋਕਣਾ ਹੈ। ਉਨਾਂ ਨੇ ਅਧਿਕਾਰੀਆਂ ਨੂੰ ਆਪਣੀ ਪੂਰੀ ਵਾਹ ਲਾ ਦੇਣ ਲਈ ਕਿਹਾ ਤਾਂ ਕਿ ਕਿਸਾਨਾਂ ਦਾ ਹੋਰ ਨੁਕਸਾਨ ਨਾ ਹੋਣ ਨੂੰ ਯਕੀਨੀ ਬਣਾਇਆ ਜਾ ਸਕੇ। ਸ. ਚੰਨੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿਚ ਉਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉਤੇ ਵਚਨਬੱਧ ਹੈ।

—-

ਮੁੱਖ ਮੰਤਰੀ ਨੇ ਮਿ੍ਰਤਕ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਅਤੇ ਇਕਜੁਟਤਾ ਪ੍ਰਗਟਾਉਂਦੇ ਹੋਏ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ

ਕਾਲੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਜਾਨਾਂ ਗੁਆ ਚੁੱਕੇ ਹਨ ਇਹ ਕਿਸਾਨ ਅਤੇ ਖੇਤੀ ਕਾਮੇ

ਬਠਿੰਡਾ, 26 ਸਤੰਬਰ

ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇਨਾਂ ਪੀੜਤ ਪਰਿਵਾਰਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ।

ਮੁੱਖ ਮੰਤਰੀ ਅੱਜ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨਾਲ ਬਠਿੰਡਾ ਜ਼ਿਲੇ ਵਿਚ ਪਿੰਡ ਮੰਡੀ ਕਲਾਂ ਵਿਖੇ ਮਿ੍ਰਤਕ ਖੇਤੀ ਕਾਮੇ ਸ. ਸੁਖਪਾਲ ਸਿੰਘ (30) ਦੇ ਘਰ ਗਏ ਅਤੇ ਉਸ ਦੇ ਵੱਡੇ ਭਰਾ ਸ. ਨੱਥਾ ਸਿੰਘ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਿਆ।

ਦੱਸਣਯੋਗ ਹੈ ਕਿ ਸੁਖਪਾਲ ਸਿੰਘ ਜੋ ਟਿਕਰੀ ਬਾਰਡਰ ਉਤੇ ਧਰਨੇ ਦੌਰਾਨ ਬਿਮਾਰ ਹੋ ਗਿਆ ਸੀ, ਪੀ.ਜੀ.ਆਈ. ਵਿਖੇ ਜੇਰੇ ਇਲਾਜ ਵੀ ਰਿਹਾ। 31 ਮਾਰਚ, 2021 ਨੂੰ ਸੁਖਪਾਲ ਸਿੰਘ ਅਕਾਲ ਚਲਾਣਾ ਕਰ ਗਿਆ ਸੀ।

ਇਸ ਸਨੇਹਪੂਰਨ ਕਦਮ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਨੱਥਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਐਲਾਨ ਤਹਿਤ ਭੋਗ ਉਤੇ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਸੀ ਅਤੇ ਇਸ ਰਾਸ਼ੀ ਨੂੰ ਉਹ ਆਪਣੇ ਖਸਤਾ ਹਾਲ ਘਰ ਦਾ ਮੁੜ ਨਿਰਮਾਣ ਕਰਨ ਉਤੇ ਖਰਚ ਕਰ ਰਹੇ ਹਨ।

ਇਸੇ ਤਰਾਂ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ, ਦੋਵਾਂ ਨੇ ਬਠਿੰਡਾ ਜ਼ਿਲੇ ਦੀ ਰਾਮਪੁਰਾ ਤਹਿਸੀਲ ਦੇ ਪਿੰਡ ਚੌਕੇ ਦੇ ਸ. ਗੁਰਮੇਲ ਸਿੰਘ ਨੂੰ ਵੀ ਨਿਯੁਕਤੀ ਪੱਤਰ ਸੌਂਪਿਆ ਜਿਨਾਂ ਦੇ ਇਕਲੌਤੇ ਪੁੱਤਰ ਜਸ਼ਨਪ੍ਰੀਤ ਸਿੰਘ (18) ਦੀ ਇਸੇ ਸਾਲ 2 ਜਨਵਰੀ ਨੂੰ ਟਿਕਰੀ ਬਾਰਡਰ ਉਤੇਮੌਤ ਹੋ ਗਈ ਸੀ।

ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਜਜ਼ਬਾਤੀ ਸਾਂਝ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਨਾਂ ਨੂੰ ਸੰਕਟ ਦੀ ਘੜੀ ਵਿੱਚੋਂ ਬਾਹਰ ਕੱਢਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਇਨਾਂ ਕਿਸਾਨਾਂ ਅਤੇ ਖੇਤ ਕਾਮਿਆਂ ਨੇ ਘਿਨਾਉਣੇ ਖੇਤੀ ਕਾਨੂੰਨਾਂ ਦੇ ਖਿਲਾਫ ਲੜਾਈ ਦੌਰਾਨ ਆਪਣੀ ਮਾਤਭੂਮੀ ਦੀ ਰਾਖੀ ਲਈ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ। ਸ੍ਰੀ ਚੰਨੀ ਨੇ ਕਿਹਾ ਕਿ ਇਹ ਕਿੰਨੀ ਸ਼ਰਮਨਾਕ ਗੱਲ ਹੈ ਕਿ ਮੋਦੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਰਕੇ ਭਾਰਤ ਨੂੰ ਖੁਰਾਕ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਾਲੇ ਸੂਬੇ ਦੇ ਮਿਹਨਤੀ ਕਿਸਾਨ ਅੱਜ ਸੜਕਾਂ ’ਤੇ ਹਨ।

ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਕੇਂਦਰ ਸਰਕਾਰ ਦੇ ਉਦਾਸੀਨਤਾ ਵਤੀਰੇ ਕਾਰਨ ਕਈ ਕਿਸਾਨਾਂ ਦੀਆਂ ਕੀਮਤੀ ਜਾਨਾਂ ਚਲੀਆਂ ਗਈਆਂ ਹਨ। ਹਾਲਾਂਕਿ, ਉਨਾਂ ਕਿਹਾ ਕਿ ਕਿਸਾਨਾਂ ਦੇ ਵਡਮੁੱਲੇ ਯੋਗਦਾਨ ਨੂੰ ਸਮਝਦਿਆਂ ਪੰਜਾਬ ਸਰਕਾਰ ਨੇ ਮਿ੍ਰਤਕ ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਫੈਸਲਾ ਕੀਤਾ ਸੀ ਅਤੇ ਇਹ ਵਾਅਦਾ ਹੁਣ ਉਨਾਂ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ। ਸ. ਚੰਨੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੁਸ਼ਕਿਲ ਦੀ ਇਸ ਘੜੀ ਵਿੱਚ ਉਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਕਿਸਾਨ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਆਪਣੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਨਾਂ ਕਾਨੂੰਨਾਂ ਨੂੰ ਸੂਬੇ ਵਿੱਚ ਲਾਗੂ ਨਹੀਂ ਹੋਣ ਦੇਣਗੇ। ਉਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਪਹਿਲਾਂ ਹੀ ਇਨਾਂ ਕਾਨੂੰਨਾਂ ਨੂੰ ਰੱਦ ਕਰ ਚੁੱਕੀ ਹੈ ਕਿਉਂਕਿ ਮੁੱਖ ਤੌਰ ’ਤੇ ਇਨਾਂ ਦਾ ਉਦੇਸ਼ ਸਿਰਫ਼ ਵੱਡੇ ਉਦਯੋਗਪਤੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਸਵਾਰਥੀ ਹਿੱਤਾਂ ਦੀ ਪੂਰਤੀ ਲਈ ਕਿਸਾਨਾਂ ਨੂੰ ਬਰਬਾਦ ਕਰਨਾ ਹੈ। ਸ. ਚੰਨੀ ਨੇ ਕਿਹਾ ਕਿ ਇਹ ਕਿਸਾਨਾਂ ਦੀ ਸਰਕਾਰ ਹੈ ਅਤੇ ਉਨਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਹਾਲ ਵਿੱਚ ਉਨਾਂ ਦੇ ਨਾਲ ਖੜੇਗੀ।

———-

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਨੂੰ ਕੋਮੀ ਮੈਡੀਕਲ ਕਮਿਸ਼ਨ ਵਲੋਂ ਪ੍ਰਵਾਨਗੀ

ਚਾਲੂ ਵਿਦਿਅਕ ਵਰੇ ਦੌਰਾਨ ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਭਰਨ ਨੂੰ ਮਿਲੀ ਪ੍ਰਵਾਨਗੀ

ਚੰਡੀਗੜ 26 ਸਤੰਬਰ

ਕੌਮੀ ਮੈਡੀਕਲ ਕਮਿਸ਼ਨ ਨੇ ਇਕ ਪੱਤਰ ਜਾਰੀ ਕਰਕੇ ਪੰਜਾਬ ਸਰਕਾਰ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਥਾਪਤ ਕੀਤੇ ਗਏ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਨੂੰ ਕੌਮੀ ਮੈਡੀਕਲ ਕਮਿਸ਼ਨ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰੀ ਸਿਖਿਆ ਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਲੌਕ ਸ਼ੇਖਰ ਨੇ ਦੱਸਿਆ ਕਿ ਵਿਭਾਗ ਨੂੰ ਪ੍ਰਾਪਤ ਪੱਤਰ ਅਨੁਸਾਰ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ ਜੋ ਕਿ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ, ਫਰੀਦਕੋਟ ਤੋ ਮਾਨਤਾ ਪ੍ਰਾਪਤ ਹੈ, ਨੂੰ ਵਿਦਿਅੱਕ ਵਰੇ 2021-22 ਲਈ ਐਨ.ਐਮ.ਸੀ. ਐਕਟ 2019 ਦੀ ਧਾਰਾ 26 (1) (ਏ) (ਬੀ) (ਸੀ) ਅਤੇ 28 (1) (2) (3) 29 ਅਤੇ ਸੈਕਸਨ 61 (2) ਤਹਿਤ ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ।

ਸ੍ਰੀ ਸ਼ੇਖਰ ਨੇ ਕਿਹਾ ਕਿ ਨੈਸ਼ਨਲ ਮੈਡੀਕਲ ਕਮਿਸ਼ਨ ਵਲੋਂ ਇਹ ਪ੍ਰਵਾਨਗੀ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਦੀਆਂ ਸਾਰੀਆਂ ਰਵੀਊ ਰਿਪੋਰਟਾਂ ਉੱਚ ਦਰਜੇ ਦੀਆਂ ਪਾਏ ਜਾਣ ਉਪਰੰਤ ਜਾਰੀ ਕੀਤੀ ਗਈ ਹੈ।

ਉਹਨਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਵਲੋਂ 25 ਸੰਤਬਰ 1932 ਨੂੰ ਕੀਤੇ ਗਏ ਇਤਿਹਾਸਕ ਪੂਨਾ ਪੈਕਟ ਦੀ 89ਵੀਂ ਵਰੇਗੰਢ ਦੇ ਮੌਕੇ ਤੇ ਇਹ ਪੰਜਾਬ ਲਈ ਮਾਣ ਵਾਲੀ ਗਲ ਹੈ ਕਿ ਸੂਬੇ ਵਿੱਚ 48 ਸਾਲਾਂ ਬਾਅਦ ਨਵਾਂ ਸਰਕਾਰੀ ਮੈਡੀਕਲ ਕਾਲਜ ਖੁੱਲ ਰਿਹਾ ਹੈ ਜੋ ਕਿ ਡਾ. ਅੰਬੇਡਕਰ ਜੀ ਦੇ ਨਾਮ ਤੇ ਹੈ।

Share