4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਛੋਟਾ ਥਾਣੇਦਾਰ ਪਹਿਲਾਂ ਵੀ ਲੈ ਚੁੱਕਾ ਹੈ 20,500 ਰੁਪਏ

ਚੰਡੀਗੜ੍ਹ, 18 ਅਪ੍ਰੈਲ, 2024 :
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਵਿਜੈ ਕੁਮਾਰ ਵਾਸੀ ਕਾਕੋਵਾਲ ਰੋਡ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ ਥਾਣੇ ਵਿੱਚ ਦਰਜ ਕਰਵਾਏ ਪੁਲਿਸ ਕੇਸ ਸਬੰਧੀ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਉਕਤ ਏ.ਐਸ.ਆਈ. ਨੇ 4500 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਕਿਸ਼ਤਾਂ ਦੇ ਰੂਪ ਵਿੱਚ ਉਸ ਕੋਲ਼ੋਂ 20,500 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 4500 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਪੁਲਿਸ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
———-

ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ
– ਲੋਕ ਸਭਾ ਚੋਣਾਂ 2024 ਨਾਲ ਜੁੜੇ ਸਵਾਲਾਂ ਦੇ ਦੇਣਗੇ ਜਵਾਬ
– ਸਵੇਰੇ 11 ਵਜੇ ਤੋਂ ‘ਟਾਕ ਟੂ ਯੂਅਰ ਸੀਈਓ ਪੰਜਾਬ’ ਪ੍ਰੋਗਰਾਮ ਨਾਲ ਜੁੜਨ ਦੀ ਅਪੀਲ
– ਲਾਈਵ ਸੈਸ਼ਨ ਦੌਰਾਨ ਚੋਣਾਂ ਸਬੰਧੀ ਸੁਝਾਅ ਅਤੇ ਸ਼ਿਕਾਇਤਾਂ ਵੀ ਦਿੱਤੀਆਂ ਜਾ ਸਕਦੀਆਂ ਹਨ: ਸਿਬਿਨ ਸੀ
ਚੰਡੀਗੜ੍ਹ, 18 ਅਪ੍ਰੈਲ :
ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਤੋਂ 11:30 ਵਜੇ ਤੱਕ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਉੱਤੇ ਲਾਈਵ ਹੋ ਕੇ ਲੋਕਾਂ/ਵੋਟਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਇਸ ਲਾਈਵ ਪ੍ਰੋਗਰਾਮ ਦਾ ਨਾਮ ‘ਟਾਕ ਟੂ ਯੂਅਰ ਸੀਈਓ ਪੰਜਾਬ’ ਰੱਖਿਆ ਗਿਆ ਹੈ।
ਇਸ ਬਾਬਤ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਅਤੇ ਲੋਕਾਂ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਵਾਸਤੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ। ਫੇਸਬੁੱਕ ਲਾਈਵ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਇਕ ਨਿਯਮਤ ਪੋਡਕਾਸਟ ਦੀ ਸ਼ੁਰੂਆਤ ਵੀ ਕੀਤੀ ਗਈ ਹੈ ਜਿਸ ਵਿੱਚ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਅਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਇਆ ਜਾਂਦਾ ਹੈ ਤਾਂ ਜੋ ਵੋਟਰ ਜਾਗਰੂਕਤਾ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਵਧਾਇਆ ਜਾ ਸਕੇ।
ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਫੇਸਬੁੱਕ ਉੱਤੇ @TheCeoPunjab ਦੇ ਅਧਿਕਾਰਤ ਪੇਜ ‘ਤੇ ਲਾਈਵ ਹੋ ਕੇ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ ਲੋਕ ਸਭਾ ਚੋਣਾਂ ਨਾਲ ਜੁੜੇ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਇਸ ਅੱਧੇ ਘੰਟੇ ਦੇ ਲਾਈਵ ਸੈਸ਼ਨ ਦੌਰਾਨ ਉਨ੍ਹਾਂ ਨੂੰ ਕੂਮੈਂਟ ਕਰਕੇ ਸਵਾਲ ਪੁੱਛਣ ਤੋਂ ਇਲਾਵਾ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਵੀ ਦੇ ਸਕਦਾ ਹੈ। ਸਵਾਲ ਜਾਂ ਸੁਝਾਅ ਲਾਈਵ ਦੌਰਾਨ ਵੀ ਪੁੱਛੇ ਜਾ ਸਕਦੇ ਹਨ ਜਾਂ ਸਵੇਰੇ 11 ਵਜੇ ਤੋਂ ਪਹਿਲਾਂ ਫੇਸਬੁੱਕ, ਇੰਸਟਾਗ੍ਰਾਮ ਜਾਂ ਐਕਸ ਉੱਤੇ ਵੀ ਭੇਜੇ ਜਾ ਸਕਦੇ ਹਨ।
ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਲਾਈਵ ਦਾ ਮਕਸਦ ਚੋਣਾਂ ਬਾਰੇ ਲੋਕਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਅਤੇ ਉਨ੍ਹਾਂ ਨੂੰ ਵੋਟਿੰਗ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਹੈ। ਸਿਬਿਨ ਸੀ ਨੇ ਕਿਹਾ ਉਨ੍ਹਾਂ ਦੇ ਦਫ਼ਤਰ ਵੱਲੋਂ ਪਹਿਲਾਂ ਹੀ ਸੋਸ਼ਲ ਮੀਡੀਆ ਹੈਂਡਲਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਉੱਤੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਹਦਾਇਤਾਂ ਅਤੇ ਵੇਰਵਿਆਂ ਨੂੰ ਲਗਾਤਾਰ ਅੱਪਡੇਟ ਕੀਤਾ ਜਾਂਦਾ ਹੈ ਅਤੇ ਹਾਲ ਵਿੱਚ ਹੀ ਉਨ੍ਹਾਂ ਦੇ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਰਗਰਮ ਭੂਮਿਕਾ ਨਿਭਾਉਣ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

Share