ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਵਾਸਤੇ ਲੋਕਾਂ ਨੂੰ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਦੀ ਅਪੀਲ ਪੰਜਾਬ ਵਿੱਚ ਕੋਰੋਨਾ ਦੀ ਸਥਿਤੀ ਕੰਟਰੋਲ ਹੇਠ ਹੋਣ ’ਤੇ ਤਸੱਲੀ ਪ੍ਰਗਟਾਈ

ਚੰਡੀਗੜ, 29 ਜੂਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਉਮੀਦ ਜਤਾਈ ਕਿ ਸੂਬੇ ਵਿੱਚ ਕੋਵਿਡ-19 ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਅੱਗੇ ਕੋਈ ਲੌਕਡਾਊਨ ਨਹੀਂ ਲੱਗੇਗਾ। ਇਸ ਦੇ ਨਾਲ ਹੀ ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਤਾਂ ਜੋ ਉਨਾਂ ਦੇ ਪਰਿਵਾਰਾਂ ਅਤੇ ਸੂਬੇ ਦਾ ਬਚਾਅ ਹੋ ਸਕੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੇੜੇ ਭਵਿੱਖ ਵਿੱਚ ਕਿਸੇ ਵੀ ਤਰਾਂ ਦੀ ਹੰਗਾਮੀ ਸਥਿਤੀ ਨੂੰ ਨਜਿੱਠਣ ਲਈ ਸੂਬੇ ਵੱਲੋਂ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਕੋਵਿਡ-19 ਸਬੰਧੀ 28 ਜੂਨ ਤੱਕ ਦੇ ਅੰਕੜੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 5216 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ ਪਾਏ ਗਏ ਹਨ ਜਿਨਾਂ ਵਿੱਚੋਂ 133 ਦੀ ਮੌਤ ਹੋਈ ਹੈ। ਉਨਾਂ ਕਿਹਾ ਕਿ 23 ਮਰੀਜ਼ ਹਾਈ ਡਪੈਂਡਸੀ (ਐਚ.ਡੀ.) ਯੂਨਿਟਾਂ ਵਿੱਚ ਦਾਖਲ ਹਨ ਜਦੋਂ ਕਿ ਕਈ ਨਾਜ਼ੁਕ ਹਾਲਤਾਂ ਵਿੱਚ ਵੈਂਟੀਲੇਟਰਾਂ ਉਤੇ ਹਨ। ਉਨਾਂ ਜਾਣਕਾਰੀ ਦਿੱਤੀ ਕਿ ਚਾਰ ਨਵੀਆਂ ਲੈਬਜ਼ ਨਾਲ ਕੋਵਿਡ ਟੈਸਟਿੰਗ ਸਮਰੱਥਾ ਜੁਲਾਈ ਦੇ ਅੰਤ ਤੱਕ 20,000 ਪ੍ਰਤੀ ਦਿਨ ਤੱਕ ਵਧਾ ਦਿੱਤੀ ਜਾਵੇਗੀ ਜੋ ਕਿ ਮੌਜੂਦਾ ਸਮੇਂ 10,000 ਪ੍ਰਤੀ ਦਿਨ ਦੇ ਕਰੀਬ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਕੋਲ ਮਹਾਂਮਾਰੀ ਦੇ ਅੱਗੇ ਫੈਲਾਅ ਨੂੰ ਰੋਕਣ ਲਈ ਲੋੜੀਂਦੇ ਜ਼ਰੂਰੀ ਉਪਕਰਨ ਮੌਜੂਦ ਹਨ ਜਿਸ ਸਦਕਾ ਉਹ ਹੁਣ ਤੱਕ ਇਸ ਨੂੰ ਕਾਬੂ ਪਾਉਣ ਵਿੱਚ ਸਫਲ ਸਾਬਤ ਹੋਏ ਹਨ। ਉਹ ਨਹੀਂ ਚਾਹੁੰਦੇ ਕਿ ਭੰਡਾਰਨ ਵਿੱਚ ਪਈਆਂ ਇਨਾਂ ਵਸਤਾਂ ਨੂੰ ਵਰਤਣ ਦੀ ਲੋੜ ਪਵੇ ਕਿਉਕਿ ਉਨਾਂ ਦਾ ਸਾਰਾ ਧਿਆਨ ਜਾਨਾਂ ਬਚਾਉਣ ਉਤੇ ਹੈ। ਪੰਜਾਬੀਆਂ ਦੇ ਜਜ਼ਬੇ ਦੀ ਸ਼ਲਾਘਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਵਡੇਰੇ ਜਨਤਕ ਹਿੱਤਾਂ ਲਈ ਕੋਰੋਨਾ ਵਾਇਰਸ ਦੀ ਇਸ ਸੰਕਟ ਦੀ ਘੜੀ ਵਿੱਚ ਸੰਜਮ ਬਣਾਈ ਰੱਖਣ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਸੱਚਮੁੱਚ ਹੈਰਾਨ ਹੁੰਦੇ ਸਨ ਜਦੋਂ ਉਹ ਸਿਹਤ ਸੁਰੱਖਿਆ ਪ੍ਰੋਟੋਕੋਲ ਦੀ ਉਲੰਘਣਾ ਦੇ ਦੋਸ਼ ਵਿੱਚ ਲੋਕਾਂ ਨੂੰ ਚਲਾਨ ਕਰਨ ਦੀਆਂ ਰੋਜ਼ਾਨਾ ਰਿਪੋਰਟਾਂ ਨੂੰ ਦੇਖਦੇ ਸਨ। ਉਨਾਂ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਨਾ ਸਿਰਫ ਆਪਣੀ ਸਿਹਤ ਬਲਕਿ ਪੂਰੇ ਸੂਬੇ ਦੀ ਸੁਰੱਖਿਆ ਲਈ ਸਿਹਤ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਨ। ਉਨਾਂ ਲੋਕਾਂ ਨੂੰ ਸਲਾਹ ਵੀ ਦਿੱਤੀ ਕਿ ਕੋਰੋਨਾ ਵਾਇਰਸ ਦੇ ਲੱਛਣਾਂ ਨੂੰ ਮਹਿਜ਼ ਮੌਸਮੀ ਤਬਦੀਲੀ ਸਮਝ ਕੇ ਅਣਗਹਿਲੀ ਨਾ ਵਰਤਣ ਅਤੇ ਆਮ ਫਲੂ, ਜ਼ੁਕਾਮ, ਖੰਘ, ਸਰੀਰ ਦਰਦ ਅਤੇ ਬੁਖਾਰ ਦੀ ਸੂਰਤ ਵਿੱਚ ਤੁਰੰਤ ਡਾਕਟਰ ਦੀ ਸਲਾਹ ਲੈ ਕੇ ਇਲਾਜ ਕਰਵਾਉਣ।

ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਕੋਵਿਡ ਦੇ ਮਰੀਜ਼ਾਂ ਲਈ ਸਰਕਾਰੀ ਹਸਪਤਾਲਾਂ ਵਿੱਚ 4248 ਬੈੱਡ ਰੱਖੇ ਗਏ ਹਨ ਅਤੇ 2014 ਬੈੱਡ ਹੁਣ ਹੋਰ ਜੋੜੇ ਜਾ ਰਹੇ ਹਨ ਜਦਕਿ 950 ਬੈੱਡ ਪ੍ਰਾਈਵੇਟ ਹਸਪਤਾਲਾਂ ਵਿੱਚ ਰੱਖੇ ਗਏ ਹਨ। ਉਨਾਂ ਦੱਸਿਆ ਕਿ ਸੰਕਟ ਗੰਭੀਰ ਹੋਣ ਦੀ ਸੂਰਤ ਵਿੱਚ ਵੱਡੀ ਗਿਣਤੀ ’ਚ ਲੋਕਾਂ ਨੂੰ ਰੱਖਣ ਲਈ 52 ਸਰਕਾਰੀ ਅਤੇ 195 ਪ੍ਰਾਈਵੇਟ ਏਕਾਂਤਵਾਸ ਕੇਂਦਰਾਂ ਦੀ ਸ਼ਨਾਖਤ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ 554 ਵੈਂਟੀਲੇਟਰਾਂ ਦੀ ਮੌਜੂਦਗੀ ਤੋਂ ਇਲਾਵਾ ਹੋਰ ਸਾਜ਼ੋ-ਸਾਮਾਨ ਹਸਪਤਾਲਾਂ ਅਤੇ ਹੋਰ ਫਰੰਟਲਾਈਨ ਵਰਕਰਾਂ ਨੂੰ ਪਹਿਲਾਂ ਹੀ ਸੌਂਪ ਦਿੱਤਾ ਗਿਆ। ਉਨਾਂ ਦੱਸਿਆ ਕਿ ਸਿਹਤ ਵਿਭਾਗ ਕੋਲ 5.18 ਲੱਖ ਐਨ-95 ਮਾਸਕ, ਤੀਹਰੀ ਪਰਤ ਵਾਲੇ 75.47 ਲੱਖ ਮਾਸਕ, 2.52 ਲੱਖ ਪੀ.ਪੀ.ਈ. ਕਿੱਟਾਂ ਅਤੇ 2223 ਆਕਸੀਜ਼ਨ ਸਿਲੰਡਰ ਦਾ ਸਟਾਕ ਵੀ ਮੌਜੂਦ ਹੈ।

ਕੋਵਿਡ-19 ਦਰਮਿਆਨ ਪ੍ਰਾਈਵੇਟ ਸੈਕਟਰ ’ਤੇ ਪਏ ਅਸਰ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਪਿੱਤਰੀ ਸੂਬਿਆਂ ਨੂੰ ਜਾਣ ਵਾਲੇ ਕਾਮੇ ਹੁਣ ਪੰਜਾਬ ਪਰਤਣ ਲੱਗੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਪੰਜਾਬ ਵਿੱਚ ਰੋਜ਼ਗਾਰ ਦੇ ਅਥਾਹ ਮੌਕੇ ਹਨ। ਹਾਲਾਂਕਿ, ਉਨਾਂ ਕਿਹਾ ਕਿ ਸੂਬੇ ਦੀਆਂ ਬਹੁਤੀਆਂ ਉਦਯੋਗਿਕ ਇਕਾਈਆਂ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਛੇਤੀ ਹੀ ਇਹ ਇਕਾਈਆਂ ਪੂਰੀ ਨਿਰਮਾਣ ਸਮਰਥਾ ਨਾਲ ਕੰਮ ਕਰਨਾ ਸ਼ੁਰੂ ਕਰਨ ਦੇਣਗੀਆਂ ਜਿਸ ਨਾਲ ਸੂਬੇ ਦੇ ਮਾਲੀਏ ਨੂੰ ਵੱਡਾ ਯੋਗਦਾਨ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿੱਚੋਂ ਕੋਈ ਸ਼ੱਕ ਨਹੀਂ ਕਿ ਕਰੋਨਾ ਦੇ ਸੰਕਟ ਕਾਰਨ ਸੂਬੇ ਨੂੰ 33,000 ਕਰੋੜ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ ਪਰ ਕੇਂਦਰ ਸਰਕਾਰ ਨੇ 20 ਲੱਖ ਕਰੋੜ ਰੁਪਏ ਦੇ ਪੈਕੇਜ ਵਿੱਚੋਂ ਧੇਲਾ ਵੀ ਸੂਬੇ ਨੂੰ ਨਹੀਂ ਦਿੱਤਾ। ਕੇਂਦਰ ਨੇ ਸਿਰਫ ਸੂਬੇ ਦੇ ਹਿੱਸੇ ਦਾ 2200 ਕਰੋੜ ਰੁਪਏ ਦਾ ਜੀ.ਐਸ.ਟੀ. ਦਿੱਤਾ ਹੈ ਜੋ ਉਸ ਦਾ ਕਾਨੂੰਨੀ ਹੱਕ ਹੈ।

ਇਹ ਪੁੱਛੇ ਜਾਣ ’ਤੇ ਕਿ ਕੀ ਪੰਜਾਬ ਸਮਾਜਿਕ ਫੈਲਾਅ (ਕਮਿਊਨਿਟੀ ਟਰਾਂਸਮਿਸ਼ਨ) ਵਿੱਚ ਦਾਖਲ ਹੋ ਚੁੱਕਾ ਹੈ ਕਿਉਂਕਿ ਮੁਲਕ ਵਿੱਚ ਕੋਵਿਡ ਕੇਸਾਂ ਦੀ ਗਿਣਤੀ ਪੰਜ ਲੱਖ ਨੂੰ ਪਾਰ ਕਰ ਚੁੱਕੀ ਹੈ ਅਤੇ ਸਿਰਫ ਬੀਤੇ ਦਿਨ ਹੀ 19000 ਕੇਸ ਸਾਹਮਣੇ ਹਨ ਤਾਂ ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਹਾਂਰਾਸ਼ਟਰ, ਤਾਮਿਲਨਾਡੂ ਅਤੇ ਦਿੱਲੀ ਵਰਗੇ ਸੂਬਿਆਂ ਦੇ ਮੁਕਾਬਲਤਨ ਪੰਜਾਬ ਵਿੱਚ ਸਥਿਤੀ ਬਹੁਤ ਹੱਦ ਤੱਕ ਕਾਬੂ ਹੇਠ ਹੈ। ਉਨਾਂ ਨੇ ਉਮੀਦ ਜ਼ਾਹਰ ਕੀਤੀ ਕਿ ਕੋਵਿਡ ਦੇ ਸੰਕਟ ਨਾਲ ਨਿਪਟਣ ਲਈ ਲੋਕਾਂ ਦੀ ਸਰਗਰਮ ਭਾਈਵਾਲੀ ਇਸ ਮੰਦਭਾਗੇ ਪੜਾਅ ਨੂੰ ਯਕੀਨਨ ਤੌਰ ’ਤੇ ਪ੍ਰਭਾਵਿਤ ਕਰੇਗੀ।

—–

ਡਾ. ਦੀਪਕ ਜਯੋਤੀ ਨੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀ ਮੈਂਬਰ ਵਜੋਂ ਅਹੁਦਾ ਸੰਭਾਲਿਆ

ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਹਮੇਸ਼ਾ ਤੱਤਪਰ ਰਹਾਂਗੀ : ਡਾ. ਦੀਪਕ ਜਯੋਤੀ

ਚੰਡੀਗੜ, 29 ਜੂਨ

ਡਾ. ਦੀਪਕ ਜਯੋਤੀ ਨੇ ਅੱਜ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀ ਗੈਰ ਸਰਕਾਰੀ ਮੈਂਬਰ ਵਜੋਂ ਅਹੁਦਾ ਸੰਭਾਲ ਲਿਆ।

ਡਾ. ਦੀਪਕ ਜਯੋਤੀ, ਜੋ ਕਿ ਪੇਸ਼ੇ ਵਜੋਂ ਡਾਕਟਰ ਹਨ, ਨੇ ਆਪਣੀ ਨਿਯੁਕਤੀ ’ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ਼੍ਰੀਮਤੀ ਪਰਨੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਉਹ ਹਮੇਸ਼ਾ ਤੱਤਪਰ ਰਹਿਣਗੇ ਅਤੇ ਜੋ ਭਰੋਸਾ ਉਨਾਂ ’ਤੇ ਮੁੱਖ ਮੰਤਰੀ ਜੀ ਨੇ ਪ੍ਰਗਟਾਇਆ ਹੈ, ਉਸ ’ਤੇ ਉਹ ਖਰਾ ਉਤਰਣਗੇ।

ਬੱਚਿਆਂ ਵਿਰੁੱਧ ਹੋਣ ਵਾਲੇ ਅਨਿਆ ਖ਼ਿਲਾਫ ਲੜਨ ਦਾ ਅਹਿਦ ਕਰਦਿਆਂ ਉਨਾਂ ਕਿਹਾ ਕਿ ਉਹ ਬਾਲ ਮਜ਼ਦੂਰੀ, ਬੱਚਿਆਂ ਨੂੰ ਸਿੱਖਿਆ ਤੋਂ ਵਾਂਝਾ ਰੱਖਣਾ, ਬੱਚਿਆਂ ਨਾਲ ਹੋਣ ਵਾਲੇ ਸ਼ੋਸ਼ਣ, ਤਸਕਰੀ ਸਮੇਤ ਬੱਚਿਆਂ ਵਿਰੁੱਧ ਹੋਰ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ। ਉਨਾਂ ਕਿਹਾ ਕਿ ਅਜਿਹੇ ਸੰਕਟ ਗ੍ਰਸਤ, ਅਧਿਕਾਰਾਂ ਤੋਂ ਵਾਂਝੇ, ਹਾਸ਼ੀਏ ਤੋਂ ਪਰੇ ਤੇ ਬਿਨਾਂ ਪਰਿਵਾਰਾਂ ਤੋਂ ਰਹਿ ਰਹੇ ਬੱਚਿਆਂ ਨਾਲ ਸਬੰਧਿਤ ਮਾਮਲਿਆਂ ਦੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ ਜਾਂਦੀ ਰਹੇਗੀ ਤਾਂ ਜੋ ਇਨਾਂ ਬੱਚਿਆਂ ਨੂੰ ਸਿੱਖਿਅਤ ਕਰਕੇ ਇੱਕ ਚੰਗਾ ਮੁਕਾਮ ਦਿਵਾ ਕੇ ਇਨਾਂ ਦਾ ਭਵਿੱਖ ਉਜਵਲ ਬਣਾਇਆ ਜਾ ਸਕੇ।

ਅਹੁਦਾ ਸੰਭਾਲਣ ਉਪਰੰਤ ਡਾ. ਦੀਪਕ ਜਯੋਤੀ ਨੇ ਪੰਜਾਬ ਦੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਅਰੁਣਾ ਚੌਧਰੀ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਉਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੰੂ ਉਹ ਤਨਦੇਹੀ ਨਾਲ ਨਿਭਾਉਣਗੇ।

———–

ਮਿਸ਼ਨ ਫ਼ਤਿਹ ਦੀ ਕਾਮਯਾਬੀ ਲਈ ਸਿਹਤ ਵਿਭਾਗ ‘ਚ ਸਤੰਬਰ ਤੱਕ ਡਾਕਟਰਾਂ ਸਮੇਤ ਹੋਰ ਅਮਲੇ ਦੀਆਂ ਭਰੀਆਂ ਜਾਣਗੀਆਂ 4000 ਅਸਾਮੀਆਂ-ਬਲਬੀਰ ਸਿੰਘ ਸਿੱਧੂ

ਸਿਹਤ ਮੰਤਰੀ ਸਿੱਧੂ ਵੱਲੋਂ ਰਾਜਪੁਰਾ ਅਤੇ ਖੰਨਾ ਵਿਖੇ 2 ਨਵੇਂ ਉਸਾਰੇ ਗਏ ਜੱਚਾ-ਬੱਚਾ ਹਸਪਤਾਲ ਲੋਕਾਂ ਨੂੰ ਸਮਰਪਿਤ

ਸਾਰੇ ਸਰਕਾਰੀ ਹਸਪਤਾਲਾਂ ‘ਚ ਸੀ.ਟੀ. ਸਕੈਨ ਤੇ ਅਲਟਰਾ ਸਾਊਂਡ ਸਹੂਲਤਾਂ ਛੇਤੀ

ਚੰਡੀਗੜ, 29 ਜੂਨ:

ਪੰਜਾਬ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਖ਼ਿਲਾਫ਼ ਵਿੱਢੀ ਜੰਗ ‘ਮਿਸ਼ਨ ਫ਼ਤਿਹ’ ਦੀ ਸਫ਼ਲਤਾ ਲਈ ਸਿਹਤ ਵਿਭਾਗ ਵੱਲੋਂ ਸਤੰਬਰ 2020 ਤੱਕ ਡਾਕਟਰਾਂ ਸਮੇਤ ਪੈਰਾ ਮੈਡੀਕਲ ਸਟਾਫ਼ ਤੇ ਹੋਰ ਅਮਲੇ ਦੀਆਂ 4000 ਅਸਾਮੀਆਂ ਭਰੀਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ।

ਸ. ਸਿੱਧੂ ਨੇ ਕਿਹਾ ਕਿ ਹੁਨਰਮੰਦ ਕਰਮਚਾਰੀਆਂ ਦੀ ਕਮੀ ਨੂੰ ਪੂਰਾ ਕਰਨ ਲਈ 4000 ਅਸਾਮੀਆਂ ਦਾ ਏਜੰਡਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਰੱਖਿਆ ਜਾਵੇਗਾ। ਸਿਹਤ ਮੰਤਰੀ ਸ. ਸਿੱਧੂ ਨੇ ਅੱਜ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਰਾਜਪੁਰਾ ਅਤੇ ਖੰਨਾ ਵਿਖੇ 30 ਬੈੱਡਾਂ ਦੀ ਸਮਰੱਥਾ ਵਾਲੇ 2 ਨਵੇਂ ਉਸਾਰੇ ਜੱਚਾ ਬੱਚਾ ਸਿਹਤ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤੇ । ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਹਸਪਤਾਲ ਕ੍ਰਮਵਾਰ 6 ਕਰੋੜ ਅਤੇ 9 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਹਨ।

ਇਸ ਮੌਕੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਭਿਆਨਕ ਮਹਾਂਮਾਰੀ ਕੋਵਿਡ-19 ਤੋਂ ਬਚਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੇਸ਼ ਭਰ ‘ਚ ਸਭ ਤੋਂ ਪਹਿਲਾਂ ਕਾਰਵਾਈ ਕਰਦਿਆਂ ਠੋਸ ਕਦਮ ਚੁੱਕੇ ਜਿਸਨੂੰ ਬਾਅਦ ਵਿੱਚ ਪੂਰੇ ਦੇਸ਼ ਵਿੱਚ ਲਾਗੂ ਕੀਤਾ ਗਿਆ ਅਤੇ ਹੁਣ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਵੱਡੀ ਪੱਧਰ ‘ਤੇ ਜੰਗ ਲੜੀ ਜਾ ਰਹੀ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਿਸ਼ਨ ਫ਼ਤਿਹ ਦੀ ਸਫ਼ਲਤਾ ਲਈ ਜਿੱਥੇ ਖ਼ੁਦ ਇਹਤਿਆਤ ਵਰਤਣ ਉਥੇ ਹੀ ਦੂਜਿਆਂ ਨੂੰ ਵੀ ਮਾਸਕ ਪਾਉਣ, ਹੱਥ ਧੋਣ, ਕੋਵਾ ਐਪ ਡਾਊਨਲੋਡ ਕਰਨ ਤੇ ਆਪਸੀ ਦੂਰੀ ਰੱਖਣ ਬਾਰੇ ਜਾਗਰੂਕ ਕਰਨ।

ਸ. ਸਿੱਧੂ ਨੇ ਕਿਹਾ ਕਿ ਬੈਂਕਿੰਗ ਪ੍ਰਣਾਲੀ ਦੀ ਤਰਜ ‘ਤੇ ਪੰਜਾਬ ਵਿੱਚ ਜਲਦ ਹੀ ਸਿਹਤ ਸੇਵਾਵਾਂ ਦਾ ਆਧੁਨਿਕੀਕਰਨ ਕਰਕੇ ਕੰਪਿਊਟ੍ਰਾਈਜੇਸ਼ਨ ਕੀਤੀ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਪੰਜਾਬ ‘ਚ 9 ਟਰੌਮਾ ਸੈਂਟਰ ਬਣਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਸਾਰੇ ਹਸਪਤਾਲਾਂ ‘ਚ ਨਿਜੀ ਭਾਈਵਾਲੀ ਨਾਲ ਸੀ.ਟੀ. ਸਕੈਨ ਅਤੇ ਅਲਟਰਾਸਾਊਂਡ ਦੀਆਂ ਸਹੂਲਤਾਂ ਪੀ.ਜੀ.ਆਈ. ਤੇ ਏਮਜ ਦੇ ਰੇਟਾਂ ‘ਤੇ ਜਲਦ ਸ਼ੁਰੂ ਹੋਣ ਜਾ ਰਹੀਆਂ ਹਨ, ਜਿਸ ਨਾਲ ਸਿਹਤ ਸੇਵਾਵਾਂ ਦਾ ਹੋਰ ਮਜ਼ਬੂਤੀਕਰਨ ਅਤੇ ਸੁਧਾਰ ਹੋਵੇਗਾ।

ਸ. ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਅਤੇ ਹੋਰ ਬਿਮਾਰੀਆਂ ਨਾਲ ਲੜਨ ਲਈ ਸਾਡੇ ਡਾਕਟਰਾਂ ਨੇ ਕਰੋਨਾ ਯੋਧੇ ਬਣਕੇ ਬਹੁਤ ਵਧੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਹਨ ਅਤੇ ਹੁਣ ਸਰਕਾਰੀ ਹਸਪਤਾਲਾਂ ‘ਚ ਡਾਕਟਰਾਂ ਦੀ ਘਾਟ ਪੂਰੀ ਕਰਨ ਲਈ 30 ਸਤੰਬਰ 2020 ਤੱਕ ਡਾਕਟਰਾਂ ਦੀ ਭਰਤੀ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਰਾਹੀਂ ਮੁਕੰਮਲ ਕਰ ਲਈ ਜਾਵੇਗੀ।

Share