ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਲੜਕੀ ਦਾ ਜਬਰੀ ਧਰਮ ਪਰਿਵਰਤਨ ਕਰਵਾਉਣ ਦੀਆਂ ਰਿਪੋਰਟਾਂ ’ਤੇ ਭਾਰਤ-ਪਾਕਿ ਸਰਕਾਰਾਂ ਦਾ ਦਖਲ ਮੰਗਿਆ

ਚੰਡੀਗੜ, 30 ਅਗਸਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਿੱਚ ਇੱਕ ਸਿੱਖ ਲੜਕੀ ਨੂੰ ਅਗਵਾ ਕਰਕੇ ਜਬਰੀ ਇਸਲਾਮ ਧਰਮ ’ਚ ਪਰਿਵਰਤਨ ਕਰਵਾਉਣ ਦੀ ਘਟਨਾ ਨੂੰ ਮੰਦਭਾਗੀ ਦੱਸਦਿਆਂ ਇਸ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।

ਮੁੱਖ ਮੰਤਰੀ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ। ਉਨਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੋਸ਼ੀਆਂ ਵਿਰੁੱਧ ਕਰੜੀ ਕਾਰਵਾਈ ਕਰਨ ਲਈ ਆਖਿਆ। ਇਸ ਦੇ ਨਾਲ ਹੀ ਉਨਾਂ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਤੁਰੰਤ ਆਪਣੇ ਪਾਕਿਸਤਾਨੀ ਹਮਰੁਤਬਾ ਕੋਲ ਇਹ ਮਸਲਾ ਉਠਾਉਣ ਲਈ ਆਖਿਆ।

ਇਸ ਘਟਨਾ ਦੀਆਂ ਰਿਪੋਰਟਾਂ ’ਤੇ ਸਖਤ ਰੋਸ ਜ਼ਾਹਿਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਅਪਰਾਧ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਹਰ ਹਾਲ ਵਿੱਚ ਕਾਰਵਾਈ ਕੀਤੀ ਜਾਵੇ। ਉਨਾਂ ਕਿਹਾ ਕਿ ਧਰਮ ਇੱਕ ਨਿੱਜੀ ਮਾਮਲਾ ਹੈ ਅਤੇ ਇਸ ਤਰਾਂ ਦੇ ਜਬਰੀ ਪਰਿਵਰਤਨ ਦੀ ਸਮਾਜ ਵਿੱਚ ਕੋਈ ਥਾਂ ਨਹੀਂ।

ਇਸ ਤੋਂ ਪਹਿਲਾਂ ਉਨਾਂ ਟਵੀਟ ਕਰਦਿਆਂ ਕਿਹਾ ਕਿ ਪਾਕਿਸਤਾਨ ਦੇ ਨਨਕਾਣਾ ਸਾਹਿਬ ਸ਼ਹਿਰ ਵਿੱਚ ਇਕ ਸਿੱਖ ਕੁੜੀ ਦਾ ਜਬਰੀ ਇਸਲਾਮ ਧਰਮ ਪਰਿਵਰਤਨ ਦੀ ਮੰਦਭਾਗੀ ਘਟਨਾ ਵਾਪਰੀ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕਰਨ। ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪਾਕਿਸਤਾਨ ਵਿੱਚ ਆਪਣੇ ਹਮ-ਰੁਤਬਾ ਨਾਲ ਇਹ ਮਸਲਾ ਉਠਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਦਾ ਇਹ ਬਿਆਨ ਮੀਡੀਆ ਰਿਪੋਰਟਾਂ ਦੇ ਸੰਦਰਭ ਵਿੱਚ ਆਇਆ ਜਿਸ ਵਿੱਚ ਇਹ ਦਰਸਾਇਆ ਗਿਆ ਕਿ ਪਾਕਿਸਤਾਨ ਦੇ ਨਨਕਾਣਾ ਸਾਹਿਬ ਸ਼ਹਿਰ ਵਿੱਚ ਇਕ ਸਿੱਖ ਲੜਕੀ ਨੂੰ ਅਗਵਾ ਕਰਕੇ ਜਬਰੀ ਧਰਮ ਪਰਿਵਰਤਨ ਕਰਵਾਇਆ ਗਿਆ। ਕੁੜੀ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਗਾਇਆ ਕਿ ਲੜਕੀ ਨੂੰ ਪਹਿਲਾਂ ਅਗਵਾ ਕੀਤਾ ਗਿਆ ਅਤੇ ਇਸਲਾਮ ਧਰਮ ਜਬਰੀ ਕਬੂਲ ਕਰਵਾ ਕਿ ਇਕ ਮੁਸਲਮਾਨ ਮੁੰਡੇ ਨਾਲ ਨਿਕਾਹ ਕਰ ਦਿੱਤਾ ਗਿਆ। ਕੁੜੀ ਦੇ ਵਿਆਹ ਸਮਾਗਮ ਦੀ ਇੱਕ ਵੀਡਿਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਜਿਸ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਨੇ ਇਹ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ।