ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦੇ ਏ.ਐਸ.ਆਈ. ਨੂੰ ਕੀਤਾ ਰੰਗੇ ਹੱਥੀਂ ਕਾਬੂ.
ਚੰਡੀਗੜ, 3 ਨਵੰਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਥਾਣਾ ਸਿਟੀ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਰਫਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੂੰ ਪਿ੍ਰਤਪਾਲ ਸਿੰਘ ਵਾਸੀ ਸੰਗਰੂਰ ਦੀ ਸ਼ਿਕਾਇਤ ‘ਤੇ ਗਿ੍ਰਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜਮ ਉਸਦੇ ਦੋਸਤ ਗੁਰਪਿਆਰ ਸਿੰਘ ਨੂੰ ਧਮਕੀਆਂ ਦੇ ਕੇ ਉਸਦੇ ਖਿਲਾਫ ਜਬਰੀ ਵਸੂਲੀ ਦਾ ਕੇਸ ਦਰਜ ਕਰਨ ਲਈ 20,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਦੋਸੀ ਏ.ਐਸ.ਆਈ. ਖਿਲਾਫ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
————-
ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰੋ, ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ-ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਅਪੀਲ
ਮੁੱਖ ਮੰਤਰੀ ਵੱਲੋਂ ਸਮਰਾਲਾ ਦੇ ਤਹਿਸੀਲ ਦਫਤਰ ਤੇ ਸੁਵਿਧਾ ਕੇਂਦਰ ਦਾ ਅਚਨਚੇਤੀ ਦੌਰਾ
ਪੰਜਾਬ ਵਿਚ ਝੋਨੇ ਦੀ ਚੱਲ ਰਹੀ ਖਰੀਦ ’ਤੇ ਤਸੱਲੀ ਪ੍ਰਗਟਾਈ
ਪਰਾਲੀ ਦੇ ਮਸਲੇ ਉਤੇ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਗਲਤ
ਸਮਰਾਲਾ, 3 ਨਵੰਬਰ:
ਸੂਬੇ ਨੂੰ ਭਿ੍ਰਸ਼ਟਚਾਰ ਤੋਂ ਮੁਕੰਮਲ ਤੌਰ ਉਤੇ ਮੁਕਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਕੰਮ ਕਰਵਾਉਣ ਬਦਲੇ ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਭਿ੍ਰਸ਼ਟ ਅਨਸਰਾਂ ਦੇ ਖਿਲਾਫ ਸਰਕਾਰ ਸਖਤ ਤੋਂ ਸਖਤ ਕਾਰਵਾਈ ਕਰੇਗੀ।
ਅੱਜ ਇੱਥੇ ਤਹਿਸੀਲ ਦਫਤਰ ਅਤੇ ਸੁਵਿਧਾ ਕੇਂਦਰ ਦਾ ਅਚਨਚੇਤੀ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਿ੍ਰਸ਼ਟਾਚਾਰ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਲੈਣ ਦੀ ਸ਼ਿਕਾਇਤ ਸਾਹਮਣੇ ਆਉਂਦੀ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਸਰਕਾਰ ਨੇ ਰਿਸ਼ਵਤ ਮੰਗਣ ਵਾਲਿਆਂ ਦੀ ਸ਼ਿਕਾਇਤ ਕਰਨ ਲਈ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵੀ ਸਥਾਪਤ ਕੀਤੀ ਹੈ ਅਤੇ ਹੁਣ ਤੱਕ ਇਸ ਉਪਰ ਹਾਸਲ ਹੋਈਆਂ ਸ਼ਿਕਾਇਤਾਂ ਦੇ ਆਧਾਰ ਉਤੇ ਭਿ੍ਰਸ਼ਟਾਚਾਰੀਆਂ ਖਿਲਾਫ ਕਾਰਵਾਈ ਕੀਤੀ ਵੀ ਜਾ ਚੁੱਕੀ ਹੈ।
ਮੁੱਖ ਮੰਤਰੀ ਨੇ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ, “ਮੈਂ ਤੁਹਾਨੂੰ ਅਪੀਲ ਕਰਦਾਂ ਹਾਂ ਕਿ ਜੇਕਰ ਕੋਈ ਵੀ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਤੁਰੰਤ ਸਾਨੂੰ ਦੱਸੋ। ਅਜਿਹੇ ਰਿਸ਼ਵਤਖੋਰਾਂ ਦੇ ਖਿਲਾਫ ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ ਹੈ। ਤੁਹਾਡੇ ਸਹਿਯੋਗ ਨਾਲ ਹੀ ਸ਼ਾਸਨ ਨੂੰ ਭਿ੍ਰਸ਼ਟਾਚਾਰ ਤੋਂ ਮੁਕੰਮਲ ਤੌਰ ਉਤੇ ਮੁਕਤ ਕਰਨਾ ਯਕੀਨੀ ਬਣਾਇਆ ਜਾਵੇਗਾ। ”
ਵੱਖ-ਵੱਖ ਵਿਭਾਗਾਂ ਦੀ ਕਾਰਜਪ੍ਰਣਾਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਾਰੇ ਵਿਭਾਗਾਂ ਦੀ ਸਥਿਤੀ ਵਿਚ ਸੁਧਾਰ ਲਿਆਉਣ ਲਈ ਵੱਡੇ ਪੱਧਰ ਉਤੇ ਯਤਨ ਕਰ ਰਹੀ ਹੈ ਤਾਂ ਕਿ ਲੋਕਾਂ ਨੂੰ ਪ੍ਰਸ਼ਾਸਿਨਕ ਸੇਵਾਵਾਂ ਹਾਸਲ ਕਰਨ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ 70 ਸਾਲਾਂ ਦੀ ਉਲਝੀ ਹੋਈ ਤਾਣੀ ਨੂੰ ਠੀਕ ਕੀਤਾ ਜਾ ਰਿਹਾ ਹੈ ਜਿਸ ਕਰਕੇ ਕੁਝ ਸਮੇਂ ਬਾਅਦ ਵੱਡੇ ਸੁਧਾਰ ਦੇਖਣ ਨੂੰ ਮਿਲਣਗੇ।
ਗੈਰ-ਕਾਨੂੰਨੀ ਕਾਲੋਨੀਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਪਰਿਵਾਰ ਨੂੰ ਬੇਘਰ ਨਹੀਂ ਕਰਾਂਗੇ ਅਤੇ ਸਰਕਾਰ ਇਨਾਂ ਕਾਲੋਨਾਈਜ਼ਰਾਂ ਨਾਲ ਗੱਲਬਾਤ ਕਰ ਰਹੀ ਹੈ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਆਪਹੁਦਰੀਆਂ ਦਾ ਅਸਰ ਇਨਾਂ ਲੋਕਾਂ ਉਤੇ ਨਹੀਂ ਪੈਣ ਦੇਵਾਂਗੇ।
ਝੋਨੇ ਦੀ ਚੱਲ ਰਹੀ ਖਰੀਦ ਉਤੇ ਤਸੱਲੀ ਜ਼ਾਹਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਫਸਲ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਇਸ ਵਾਰ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ ਅਤੇ ਪਹਿਲੀ ਵਾਰ ਹੋਇਆ ਕਿ ਕੁਝ ਘੰਟਿਆਂ ਦੇ ਅੰਦਰ ਹੀ ਕਿਸਾਨਾਂ ਦੇ ਖਾਤਿਆਂ ਵਿਚ ਅਦਾਇਗੀ ਹੋ ਰਹੀ ਹੈ। ਉਨਾਂ ਕਿਹਾ ਕਿ ਸਰਕਾਰ ਨੇ ਇਸ ਵਾਰ ਉੱਤਰ ਪ੍ਰਦੇਸ਼, ਰਾਜਸਥਾਨ ਤੇ ਹਰਿਆਣਾ ਵਰਗੇ ਸੂਬਿਆਂ ਤੋਂ ਝੋਨੇ ਦਾ ਇਕ ਦਾਣਾ ਵੀ ਪੰਜਾਬ ਵਿਚ ਆਉਣ ਨਹੀਂ ਦਿੱਤਾ ਜਿਸ ਕਰਕੇ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਇੱਥੋਂ ਤੱਕ ਕਿ ਐਕਟ ਵਿਚ ਲੋੜੀਂਦੀ ਵਿਵਸਥਾ ਕਰਕੇ ਝੋਨੇ ਦੀ ਢੋਆ-ਢੁਆਈ ਲਈ ਟਰੈਕਟਰ-ਟਰਾਲੀਆਂ ਨੂੰ ਵੀ ਵਰਤਣ ਦੀ ਇਜਾਜ਼ਤ ਦਿੱਤੀ ਗਈ ਹੈ।
ਪਰਾਲੀ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ’ਤੇ ਸਖਤ ਸ਼ਬਦਾਂ ਵਿਚ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਦਾ ਮੁੱਦਾ ਇਕੱਲੇ ਪੰਜਾਬ ਦਾ ਨਹੀਂ ਸਗੋਂ ਉੱਤਰੀ ਭਾਰਤ ਦਾ ਮਸਲਾ ਹੈ ਪਰ ਕੇਂਦਰ ਸਰਕਾਰ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਨੂੰ ਕਸੂਰਵਾਰ ਠਹਿਰਾ ਕੇ ਘਟੀਆ ਪੱਧਰ ਦੀ ਸਿਆਸਤ ਕਰ ਰਹੀ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਪਰਾਲੀ ਸਾੜਨ ਦਾ ਹੱਲ ਕੱਢਣ ਲਈ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇ ਸਨ ਪਰ ਇਨਾਂ ਪ੍ਰਸਤਾਵਾਂ ਉਤੇ ਬਿਨਾਂ ਕੋਈ ਵਿਚਾਰ ਕੀਤੇ ਰੱਦ ਕਰ ਦਿੱਤਾ ਗਿਆ। ਉਨਾਂ ਕਿਹਾ ਕਿ ਦਿੱਲੀ ਵਿਚ ਏ.ਸੀ. ਕਮਰਿਆਂ ਵਿਚ ਬੈਠੇ ਹੋਏ ਲੋਕਾਂ ਨੂੰ ਜ਼ਮੀਨੀ ਹਕੀਕਤਾਂ ਦੀ ਸਮਝ ਨਹੀਂ ਜਿਸ ਕਰਕੇ ਇਹ ਮਸਲਾ ਹੱਲ ਕਰਨ ਲਈ ਸੁਹਿਰਦ ਯਤਨ ਨਹੀਂ ਕੀਤੇ ਜਾ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਹਵਾ ਦੇ ਗੁਣਵੱਤਾ ਸੂਚਕ ਅੰਕ ਵਿਚ ਵੱਧ ਪ੍ਰਦੂਸ਼ਣ ਵਾਲੇ ਸ਼ਹਿਰਾਂ ਵਿਚ ਹਰਿਆਣਾ ਦੇ ਫਰੀਦਾਬਾਦ ਤੇ ਚਰਖੀ ਦਾਦਰੀ ਦਾ ਨਾਮ ਵੀ ਆਉਂਦਾ ਹੈ ਪਰ ਕਸੂਰਵਾਰ ਸਿਰਫ ਪੰਜਾਬ ਨੂੰ ਠਹਿਰਾਇਆ ਜਾ ਰਿਹਾ ਹੈ। ਉਨਾਂ ਨੇ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਸਾਂਝੇ ਮਸਲੇ ਨੂੰ ਸਾਂਝੀ ਜ਼ਿੰਮੇਵਾਰੀ ਨਾਲ ਹੀ ਸੁਲਝਾਇਆ ਜਾ ਸਕਦਾ ਹੈ, ਕਿਸੇ ਇਕ ਸੂਬੇ ਨੂੰ ਜ਼ਿੰਮੇਵਾਰ ਦੱਸ ਕੇ ਮਸਲੇ ਦਾ ਹੱਲ ਨਹੀ ਹੋਣਾ।
ਇਸ ਦੌਰਾਨ ਭਗਵੰਤ ਮਾਨ ਨੇ ਤਹਿਸੀਲ ਦਫਤਰ ਅਤੇ ਸੁਵਿਧਾ ਸੈਂਟਰ ਦਾ ਦੌਰਾ ਕਰਕੇ ਮੁਲਾਜ਼ਮਾਂ ਅਤੇ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਮੀਨ ਦੀ ਤਕਸੀਮ ਆਦਿ ਬਾਰੇ ਨਿਰਪੱਖ ਢੰਗ ਨਾਲ ਫੈਸਲਾ ਲਿਆ ਜਾਵੇ ਤਾਂ ਕਿ ਸਾਰੀਆਂ ਧਿਰਾਂ ਲਈ ਇਨਸਾਫ ਯਕੀਨੀ ਬਣਾਇਆ ਜਾ ਸਕੇ।
—-
————-
73 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਤਿੰਨ ਵੱਡੇ ਨਸ਼ਾ ਤਸਕਰ ਗੁਰਦਾਸਪੁਰ ਤੋਂ ਗਿ੍ਰਫਤਾਰ
– ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– ਭਰੋਸੇਯੋਗ ਜਾਣਕਾਰੀ ਮਿਲਣ ਉਪਰੰਤ ਗੁਰਦਾਸਪੁਰ ਪੁਲਿਸ ਨੇ ਇੱਕ ਐਸਯੂਵੀ ਥਾਰ ਨੂੰ ਰੋਕ ਕੇ ਉਕਤ ਤਸਕਰਾਂ ਨੂੰ ਰਿਵਾਲਵਰ ਅਤੇ ਗੋਲੀ ਸਿੱਕਾ ਸਮੇਤ ਕੀਤਾ ਗਿ੍ਰਫਤਾਰ: ਡੀਜੀਪੀ ਪੰਜਾਬ ਗੌਰਵ ਯਾਦਵ
ਗਿ੍ਰਫ਼ਤਾਰ ਕੀਤੇ ਮੁਲਜ਼ਮ ਇਰਾਦਾ ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਪੰਜਾਬ ਪੁਲਿਸ ਨੂੰ ਵੀ ਲੋੜੀਂਦੇ ਸਨ: ਐਸਐਸਪੀ ਗੁਰਦਾਸਪੁਰ
ਚੰਡੀਗੜ/ਗੁਰਦਾਸਪੁਰ, 3 ਨਵੰਬਰ:
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਨੂੰ ਉਸ ਸਮੇਂ ਅਹਿਮ ਸਫਲਤਾ ਮਿਲੀ ਜਦੋਂ ਪੰਜਾਬ ਪੁਲਿਸ ਨੇ ਨਾਵਾ ਸੇਵਾ ਪੋਰਟ ਮੁੰਬਈ ਤੋਂ 72.5 ਕਿਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਲੋੜੀਂਦੇ ਤਿੰਨ ਵੱਡੇ ਨਸ਼ਾ ਤਸਕਰਾਂ ਨੂੰ ਗੁਰਦਾਸਪੁਰ ਤੋਂ ਗਿ੍ਰਫ਼ਤਾਰ ਕੀਤਾ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।
ਪੰਜਾਬ ਪੁਲਿਸ ਅਤੇ ਏ.ਟੀ.ਐਸ. ਮੁੰਬਈ ਦੀਆਂ ਟੀਮਾਂ ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਜੁਲਾਈ 2022 ਵਿੱਚ ਟਾਈਲਾਂ ਵਾਲੇ ਕੰਟੇਨਰ ਦੇ ਦਰਵਾਜੇ ਦੇ ਬਾਰਡਰ ਵਿੱਚ ਛੁਪਾ ਕੇ ਰੱਖਿਆ ਇਹ ਨਸ਼ਾ ਬਰਾਮਦ ਕੀਤਾ ਗਿਆ ਸੀ। ਇਹ ਕੰਟੇਨਰ ਦਿੱਲੀ ਦੇ ਇੱਕ ਦਰਾਮਦਕਾਰ ਵੱਲੋਂ ਮੰਗਵਾਇਆ ਗਿਆ ਸੀ।
ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮਿ੍ਰਤਸਰ ਦੇ ਪਿੰਡ ਪੰਡੋਰੀ ਦੇ ਵਾਸੀ ਗੁਰਵਿੰਦਰ ਸਿੰਘ ਉਰਫ ਮਹਿਕ (27), ਤਰਨਤਾਰਨ ਦੇ ਪਿੰਡ ਭਿੱਖੀਵਿੰਡ ਦੇ ਵਾਸੀ ਗੁਰਸੇਵਕ ਸਿੰਘ ਉਰਫ ਸੇਵਕ (25) ਅਤੇ ਅੰਮਿ੍ਰਤਸਰ ਦੇ ਪਿੰਡ ਮਾਹਵਾ ਦੇ ਵਾਸੀ ਮਨਜੀਤ ਸਿੰਘ ਉਰਫ ਸੋਨੀ (34) ਵਜੋਂ ਹੋਈ ਹੈ। ਗਿ੍ਰਫਤਾਰ ਕੀਤੇ ਗਏ ਤਿੰਨੋਂ ਵਿਅਕਤੀ ਪੰਜਾਬ ਵਿੱਚ ਸਰਹੱਦ ਪਾਰੋਂ ਅਤੇ ਅੰਤਰ-ਰਾਜੀ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸਾਮਲ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ਮਿਲਣ ਉਪਰੰਤ ਗੁਰਦਾਸਪੁਰ ਪੁਲਿਸ ਨੇ ਬੁੱਧਵਾਰ ਸਾਮ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਗੁਰਦਾਸਪੁਰ ਦੇ ਧਾਰੀਵਾਲ ਖੇਤਰ ਵਿੱਚ ਅੰਮਿ੍ਰਤਸਰ-ਜੰਮੂ ਹਾਈਵੇਅ ‘ਤੇ ਇੱਕ ਐਸਯੂਵੀ ਮਹਿੰਦਰਾ ਥਾਰ (ਪੀਬੀ 46 ਏਐਚ 0003) ਨੂੰ ਰੋਕ ਕੇ ਮੁਲਜਮਾਂ ਨੂੰ ਗਿ੍ਰਫਤਾਰ ਕੀਤਾ। ਉਨਾਂ ਦੱਸਿਆ ਕਿ ਪੁਲਿਸ ਟੀਮ ਨੇ ਗੱਡੀ ਦੀ ਤਲਾਸ਼ੀ ਦੌਰਾਨ ਇੱਕ ਰਿਵਾਲਵਰ ਸਮੇਤ 9 ਐਮਐਮ ਦੇ 6 ਜਿੰਦਾ ਕਾਰਤੂਸ ਅਤੇ .32 ਬੋਰ ਦੇ 6 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਇਸ ਤੋਂ ਪਹਿਲਾਂ ਮੁੰਬਈ ਏਟੀਐਸ ਨੇ ਖੇਪ ਮੰਗਵਾਉਣ ਵਾਲੇ ਮੁਲਜਮ ਹਰਸਿਮਰਨ ਸੇਠੀ ਅਤੇ ਉਸ ਦੇ ਸਹਾਇਕ ਮਹਿੰਦਰ ਸਿੰਘ ਰਾਠੌਰ, ਜੋ ਕਲੀਅਰਿੰਗ ਏਜੰਟ ਵਜੋਂ ਕੰਮ ਕਰ ਰਿਹਾ ਸੀ, ਨੂੰ ਦਿੱਲੀ ਤੋਂ ਗਿ੍ਰਫਤਾਰ ਕੀਤਾ ਸੀ।
ਡੀਜੀਪੀ ਨੇ ਕਿਹਾ ਕਿ ਜਾਂਚ ਦੌਰਾਨ, ਮੁੰਬਈ ਏਟੀਐਸ ਨੇ ਇਨਾਂ ਤਿੰਨੋਂ ਗਿ੍ਰਫਤਾਰ ਵਿਅਕਤੀਆਂ ਗੁਰਵਿੰਦਰ ਸਿੰਘ, ਗੁਰਸੇਵਕ ਸਿੰਘ ਅਤੇ ਮਨਜੀਤ ਸਿੰਘ ਨੂੰ ਨਾਮਜਦ ਕੀਤਾ, ਜੋ ਕਿ ਕੰਟੇਨਰ ਦੇ ਪ੍ਰਾਪਤਕਰਤਾ ਸਨ ਅਤੇ ਉਹ ਇਸ ਸਬੰਧ ਵਿੱਚ ਦਿੱਲੀ ਵੀ ਗਏ ਸਨ।
ਐਸਐਸਪੀ ਗੁਰਦਾਸਪੁਰ ਦੀਪਕ ਹਿਲੋਰੀ ਨੇ ਦੱਸਿਆ ਕਿ ਮੁਲਜਮ ਗੁਰਵਿੰਦਰ ਸਿੰਘ ਅਤੇ ਮਨਜੀਤ ਸਿੰਘ ਇਰਾਦਾ ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਅੰਮਿ੍ਰਤਸਰ ਦਿਹਾਤੀ ਪੁਲੀਸ ਨੂੰ ਵੀ ਲੋੜੀਂਦੇ ਹਨ, ਜਿਸ ਵਿੱਚ ਉਨਾਂ ਨੇ ਅਕਤੂਬਰ 2020 ਵਿੱਚ ਜ਼ਿਲਾ ਅੰਮਿ੍ਰਤਸਰ ਦਿਹਾਤੀ ਦੀ ਪੁਲੀਸ ਪਾਰਟੀ ’ਤੇ ਗੋਲੀਬਾਰੀ ਕੀਤੀ ਸੀ। ਉਨਾਂ ਦੱਸਿਆ ਕਿ ਭਾਰਤੀ ਦੰਡਾਵਲੀ ਨਿਯਮ (ਆਈਪੀਸੀ) ਦੀਆਂ ਧਾਰਾਵਾਂ 307, 353, 186 ਅਤੇ 34 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਅੰਮਿ੍ਰਤਸਰ ਦੇ ਥਾਣਾ ਲੋਪੋਕੇ ਵਿਖੇ ਇਸ ਸਬੰਧੀ ਪਹਿਲਾਂ ਹੀ ਕੇਸ ਦਰਜ ਹੈ।
ਉਨਾਂ ਕਿਹਾ ਕਿ ਪੰਜਾਬ ਅਤੇ ਹੋਰ ਸੂਬਿਆਂ ਵਿੱਚ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਦੱਸਣਯੋਗ ਹੈ ਕਿ ਧਾਰਾ 25/27/54/59 ਤਹਿਤ ਐਫ.ਆਈ.ਆਰ. ਨੰ. 149 ਮਿਤੀ 2/11/2022 ਨੂੰ ਥਾਣਾ ਧਾਰੀਵਾਲ ਗੁਰਦਾਸਪੁਰ ਵਿਖੇ ਤਾਜ਼ਾ ਮਾਮਲਾ ਦਰਜ ਕੀਤਾ ਗਿਆ ਹੈ।