ਮੁੱਖ ਮੰਤਰੀ ਵੱਲੋਂ ਡਾ. ਵਾਂਡਰ ਦਾ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ‘ਤੇ ਸਵਾਗਤ.

ਚੰਡੀਗੜ੍ਹ, 8 ਜੁਲਾਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਨਿੱਚਰਵਾਰ ਨੂੰ ਪ੍ਰਸਿੱਧ ਕਾਰਡੀਓਲੋਜਿਸਟ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ’ਤੇ ਵਧਾਈ ਦਿੱਤੀ।

ਜ਼ਿਕਰਯੋਗ ਹੈ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਐਕਟ, 1998 ਦੀ ਧਾਰਾ 27(2) ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਚਾਂਸਲਰ ਨੇ ਪ੍ਰੋਫ਼ੈਸਰ ਅਤੇ ਡੀ.ਐਮ.ਸੀ. ਕਾਲਜ ਅਤੇ ਹਸਪਤਾਲ, ਲੁਧਿਆਣਾ ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਸਿੰਘ ਵਾਂਡਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਬੋਰਡ ਆਫ਼ ਮੈਨੇਜਮੈਂਟ ਦੇ ਚੇਅਰਮੈਨ ਵਜੋਂ, ਨਿਯੁਕਤ ਕੀਤਾ ਹੈ, ਜਿਵੇਂ ਕਿ ਉਕਤ ਐਕਟ ਦੀ ਧਾਰਾ 27(4) ਵਿੱਚ ਨਿਰਧਾਰਤ ਕੀਤਾ ਗਿਆ ਹੈ ਕਿ ਇਹ ਨਿਯੁਕਤੀ 8 ਜੁਲਾਈ, 2023 ਤੋਂ ਪੰਜ ਸਾਲਾਂ ਦੀ ਮਿਆਦ ਲਈ ਹੋਵੇਗੀ।

ਇਸ ਨਿਯੁਕਤੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਯੂਨੀਵਰਸਿਟੀ, ਡਾ. ਵਾਂਡਰ ਦੀ ਯੋਗ ਅਤੇ ਗਤੀਸ਼ੀਲ ਅਗਵਾਈ ਵਿੱਚ ਨਵੀਆਂ ਉਚਾਈਆਂ ਨੂੰ ਛੂਹੇਗੀ। ਉਨ੍ਹਾਂ ਨੇ ਸੂਬੇ ਦੇ ਇੱਕ ਉੱਘੇ ਕਾਰਡੀਓਲੋਜਿਸਟ ਵਜੋਂ ਡਾ. ਵਾਂਡਰ ਵੱਲੋਂ ਲੋਕਾਂ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਸ ਵੱਕਾਰੀ ਅਹੁਦੇ ’ਤੇ ਡਾ. ਵਾਂਡਰ ਦੀ ਨਿਯੁਕਤੀ ਹਰ ਪੰਜਾਬੀ ਲਈ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ।

ਮੁੱਖ ਮੰਤਰੀ ਨੇ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਫ਼ਰੀਦਕੋਟ ਦੇ ਵਿਧਾਇਕ ਡਾ. ਗੁਰਦਿੱਤ ਸਿੰਘ ਸੇਖੋਂ, ਉੱਘੇ ਆਈ ਸਰਜਨ (ਅੱਖਾਂ ਦੇ ਸਰਜਨ) ਡਾ. ਪੀ.ਐਸ. ਬਰਾੜ, ਡੀ.ਐਮ. (ਕਾਰਡੀਓਲੋਜੀ) ਅਤੇ ਡੀ.ਐਮ.ਸੀ. ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਡਾ. ਬਿਸ਼ਵ ਮੋਹਨ, ਡੀ.ਐਮ.ਸੀ. ਦੇ ਨਿਊਰੋਲੋਜੀ ਵਿਭਾਗ ਦੇ ਮੁਖੀ ਡਾ. ਰਜਿੰਦਰ ਬਾਂਸਲ, ਪ੍ਰੋ. ਅਤੇ ਐਚ.ਓ.ਡੀ. ਪਲਮੋਨਰੀ (ਫੇਫੜਿਆਂ ਤੇ ਸਾਹ ਸਬੰਧੀ) ਮੈਡੀਸਨ , ਸਰਕਾਰੀ ਮੈਡੀਕਲ ਕਾਲਜ ਪਟਿਆਲਾ ਡਾ. ਵਿਸ਼ਾਲ ਚੋਪੜਾ ਅਤੇ ਸਾਬਕਾ ਪਿ੍ਰੰਸੀਪਲ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਡਾ. ਕੇ.ਕੇ. ਅਗਰਵਾਲ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰਾਂ ਵਜੋਂ ਸ਼ਾਮਲ ਕੀਤੇ ਜਾਣ ’ਤੇ ਵਧਾਈ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਮੈਂਬਰ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਲਈ ਯੂਨੀਵਰਸਿਟੀ ਦੇ ਕੰਮਕਾਜ ਨੂੰ ਹੋਰ ਸੁਚਾਰੂ ਤੇ ਬਿਹਤਰ ਬਣਾਉਣ ਵਿੱਚ ਪੂਰੀ ਤਨਦੇਹੀ ਤੇ ਉਤਸਾਹ ਨਾਲ ਯੋਗਦਾਨ ਪਾਉਣਗੇ।
————–

ਮੁੱਖ ਮੰਤਰੀ ਦਫਤਰ, ਪੰਜਾਬ

ਮੁੱਖ ਮੰਤਰੀ ਨੇ ਉਦਯੋਗਪਤੀਆਂ ਤੋਂ ਫੀਡਬੈਕ ਲੈਣ ਲਈ ਵਟਸਐਪ ਨੰਬਰ 8194891948 ਅਤੇ ਈਮੇਲ ਆਈਡੀ punjabconsultation@gmail.com ਜਾਰੀ ਕੀਤੀ

* ਉਦਯੋਗਿਕ ਵਿਕਾਸ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦੇ ਮੰਤਵ ਨਾਲ ਚੁੱਕਿਆ ਕਦਮ
* ਸੁਝਾਅ ਲੈਣ ਵਾਲਾ ਦੇਸ ਭਰ ਵਿੱਚੋਂ ਪਹਿਲਾ ਸੂਬਾ ਹੈ ਪੰਜਾਬ

ਚੰਡੀਗੜ੍ਹ, 8 ਜੁਲਾਈ:

ਸੂਬੇ ਵਿੱਚ ਉਦਯੋਗਾਂ ਨੂੰ ਹੁਲਾਰਾ ਦੇਣ ਦੇ ਉਦੇਸ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਨਿੱਚਰਵਾਰ ਨੂੰ ਸੂਬੇ ਵਿੱਚ ਕਾਰੋਬਾਰੀ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਉਦਯੋਗਪਤੀਆਂ ਤੋਂ ਫੀਡਬੈਕ ਮੰਗਣ ਲਈ ਵਟਸਐਪ ਨੰਬਰ 8194891948 ਅਤੇ ਈਮੇਲ ਆਈਡੀ punjabconsultation@gmail.com ਜਾਰੀ ਕੀਤਾ।

ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ ਭਰ ਵਿੱਚ ਪੰਜਾਬ ਸਰਕਾਰ ਹੀ ਇਕ ਅਜਿਹੀ ਸਰਕਾਰ ਹੈ, ਜੋ ਸਾਰੇ ਭਾਈਵਾਲਾਂ ਦੀ ਸਲਾਹ ਅਨੁਸਾਰ ਨੀਤੀਆਂ ਘੜਦੀ ਹੈ। ਮਿਸਾਲਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮੁਫਤ ਬਿਜਲੀ, ਆਮ ਆਦਮੀ ਕਲੀਨਿਕ ਅਤੇ ਨਹਿਰੀ ਪਾਣੀ ਦੀਆਂ ਸਕੀਮਾਂ ਨੂੰ ਲਾਗੂ ਕਰਨ ਲਈ ਲੋਕਾਂ ਦੇ ਵਿਚਾਰ ਲਏ ਹਨ। ਭਗਵੰਤ ਮਾਨ ਨੇ ਕਿਹਾ ਕਿ ਨਤੀਜਾ ਸਭ ਦੇ ਸਾਹਮਣੇ ਹੈ ਕਿਉਂਕਿ ਲਗਪਗ 90 ਫੀਸਦੀ ਲੋਕਾਂ ਨੂੰ ਜੀਰੋ ਬਿੱਲ ਆ ਰਹੇ ਹਨ, ਲਗਪਗ 35 ਲੱਖ ਲੋਕ ਆਮ ਆਦਮੀ ਕਲੀਨਿਕਾਂ ਵਿੱਚ ਮੁਫਤ ਇਲਾਜ ਦਾ ਲਾਭ ਲੈ ਚੁੱਕੇ ਹਨ ਅਤੇ 40 ਸਾਲਾਂ ਬਾਅਦ ਨਹਿਰੀ ਪਾਣੀ ਟੇਲਾਂ ਉਤੇ ਪੈਂਦੇ ਪਿੰਡਾਂ ਵਿੱਚ ਪਹੁੰਚਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਤੇਜ ਆਰਥਿਕ ਵਿਕਾਸ ਦੀ ਲੀਹ ‘ਤੇ ਪਾਉਣ ਲਈ ਸੂਬਾ ਸਰਕਾਰ ਨੇ ਪੰਜਾਬ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਉਦਯੋਗਿਕ ਵਿਕਾਸ ਦੇ ਧੁਰੇ ਵਜੋਂ ਉਭਾਰਨ ਲਈ ਕਦਮ ਚੁੱਕੇ ਗਏ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਮਿਲ ਸਕਣ। ਭਗਵੰਤ ਮਾਨ ਨੇ ਕਿਹਾ ਕਿ ਰਾਜ ਵਿੱਚ ਉਦਯੋਗਾਂ ਦੇ ਨਵੇਂ ਪ੍ਰਾਜੈਕਟ ਲਿਆਉਣ ਦੇ ਨਾਲ-ਨਾਲ ਸੂਬਾ ਸਰਕਾਰ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਉਦਯੋਗ ਪੱਖੀ ਮਾਹੌਲ ਵੀ ਮੁਹੱਈਆ ਕਰੇਗੀ ਤਾਂ ਜੋ ਉਹ ਸੂਬੇ ਵਿੱਚ ਆਪਣੇ ਕੰਮਕਾਜ ਦਾ ਵਿਸਥਾਰ ਕਰ ਸਕਣ।

ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਵਟਸਐਪ ਨੰਬਰ 8194891948 ਅਤੇ ਈਮੇਲ ਆਈ.ਡੀ. punjabconsultation@gmail.com ‘ਤੇ ਉਦਯੋਗ ਨੂੰ ਉਤਸਾਹਿਤ ਕਰਨ ਲਈ ਆਪਣੇ ਵਿਚਾਰ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਡਮੁੱਲੇ ਸੁਝਾਅ ਸੂਬਾ ਸਰਕਾਰ ਨੂੰ ਪੰਜਾਬ ਵਿੱਚ ਉਦਯੋਗ ਨੂੰ ਉਤਸਾਹਿਤ ਕਰਨ ਲਈ ਨੀਤੀਆਂ ਘੜਨ ਵਿੱਚ ਮਦਦ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।
———–
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਪੰਜਾਬ ਸਰਕਾਰ ਅਨੀਮੀਆ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ: ਡਾ ਬਲਜੀਤ ਕੌਰ
12 ਜੁਲਾਈ ਤੋਂ 12 ਅਗਸਤ ਤੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ
ਚੰਡੀਗੜ੍ਹ, 8 ਜੁਲਾਈ
ਪੰਜਾਬ ਸਰਕਾਰ ਸੂਬੇ ਵਿੱਚ ਪੋਸ਼ਣ ਅਭਿਆਨ ਤਹਿਤ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਲਈ 12 ਜੁਲਾਈ ਤੋਂ 12 ਅਗਸਤ, 2023 ਤੱਕ ਵਿਸ਼ੇਸ਼ ਜਾਗਰੂਕਤਾ ਮਹੀਨਾ ਮਨਾਉਣ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪਹਿਲਾਂ ਹੀ ਅਨੀਮੀਆ ਨਾਲ ਲੜਨ ਲਈ ਹਰ ਬੁੱਧਵਾਰ ਨੂੰ ਆਂਗਣਵਾੜੀ ਕੇਂਦਰਾਂ ਵਿਖੇ ਅਨੀਮੀਆ ਦਿਵਸ ਮਨਾਇਆ ਜਾਂਦਾ ਹੈ। ਇਹ ਔਰਤਾਂ, ਕਿਸ਼ੋਰ ਲੜਕੀਆਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਗਰਭਵਤੀ ਔਰਤਾਂ ਵਿੱਚ ਅਨੀਮੀਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਦਾ ਹੈ। ਅਨੀਮੀਆ ਦੇ ਖਾਤਮੇ ਲਈ ਸੂਬੇ ਭਰ ਵਿੱਚ 12 ਜੁਲਾਈ ਤੋਂ 12 ਅਗਸਤ, 2023 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਮੁਹਿੰਮ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨ, ਸਿਹਤ ਵਿਭਾਗ ਨਾਲ ਮਿਲ ਕੇ ਪੌਸ਼ਟਿਕ ਪੂਰਕ ਮੁਹੱਈਆ ਕਰਵਾਉਣ ਅਤੇ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਪ੍ਰਣਾਲੀ ਦੀ ਸਮਰੱਥਾ ਨੂੰ ਮਜ਼ਬੂਤ ਕਰਨ ’ਤੇ ਕੇਂਦਰਿਤ ਹੋਵੇਗੀ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਰਾਸ਼ਟਰੀ ਬਾਲ ਸਿਹਤ ਕਾਰਜਕ੍ਰਮ (ਆਰ.ਬੀ.ਐੱਸ.ਕੇ.) ਦੇ ਸਹਿਯੋਗ ਨਾਲ ਲੋਕਾਂ ਨੂੰ ਅਨੀਮੀਆ ਦੀ ਰੋਕਥਾਮ ਅਤੇ ਇਲਾਜ ਬਾਰੇ ਜਾਗਰੂਕ ਕਰਨ ਲਈ ਨਿਯਮਿਤ ਤੌਰ ’ਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।
ਮੰਤਰੀ ਨੇ ਦੱਸਿਆ ਕਿ ਮੁਹਿੰਮ ਦੌਰਾਨ, ਵਿਭਾਗ ਲੋਕਾਂ ਨੂੰ ਅਨੀਮੀਆ ਦੇ ਲੱਛਣਾਂ, ਕਾਰਨਾਂ, ਨਤੀਜਿਆਂ ਅਤੇ ਸਮੇਂ ਸਿਰ ਡਾਕਟਰੀ ਦੇਖਭਾਲ ਦੀ ਮਹੱਤਤਾ ਅਤੇ ਟੀਚੇ ਬਾਰੇ ਜਾਗਰੂਕ ਕਰਨ ਲਈ ਆਂਗਣਵਾੜੀ ਕੇਂਦਰਾਂ ਅਤੇ ਮੁਹੱਲਾ ਕਲੀਨਿਕਾਂ ਵਿੱਚ ਸਿਹਤ ਕੈਂਪ, ਰੈਲੀਆਂ ਅਤੇ ਹੋਰ ਸਮਾਗਮਾਂ ਦਾ ਆਯੋਜਨ ਕਰੇਗਾ। ਇਸ ਮੁਹਿੰਮ ਦਾ ਉਦੇਸ਼ ਮੌਜੂਦਾ ਵਿੱਤੀ ਸਾਲ ਵਿੱਚ ਅਨੀਮੀਆ ਨੂੰ 2% ਤੱਕ ਘਟਾਉਣਾ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੀਮੀਆ ਇੱਕ ਅਜਿਹੀ ਸਥਿਤੀ ਹੈ ਜੋ ਖੂਨ ਵਿੱਚ ਲਾਲ ਰਕਤਾਣੂਆਂ ਜਾਂ ਹੀਮੋਗਲੋਬਿਨ ਦੀ ਘਾਟ ਕਾਰਨ ਹੁੰਦੀ ਹੈ, ਜਿਸ ਨਾਲ ਕਮਜ਼ੋਰੀ, ਥਕਾਵਟ ਅਤੇ ਹੋਰ ਸਿਹਤ ਸਬੰਧੀ ਸਮੱਸਿਆਵਾਂ ਹੁੰਦੀਆਂ ਹਨ। ਬੱਚਿਆਂ ਅਤੇ ਔਰਤਾਂ ਵਿੱਚ ਇਹ ਇੱਕ ਜਨਤਕ ਸਿਹਤ ਚਿੰਤਾ ਹੈ, ਕਿਉਂਕਿ ਇਹ ਉਹਨਾਂ ਦੇ ਸਰੀਰਕ ਅਤੇ ਬੋਧਾਤਮਕ ਵਿਕਾਸ ਨੂੰ ਪ੍ਰਭਾਵਿਤ ਕਰਦਾ ਹੈ, ਜਿਸ ਨਾਲ ਮਾੜੇ ਵਿਦਿਅਕ ਅਤੇ ਆਰਥਿਕ ਨਤੀਜੇ ਨਿਕਲਦੇ ਹਨ।
ਇਸ ਤੋਂ ਇਲਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਨਿਰਦੇਸ਼ਕ ਸ੍ਰੀਮਤੀ ਮਾਧਵੀ ਕਟਾਰੀਆ ਨੇ ਸਮੂਹ ਡਿਪਟੀ ਕਮਿਸ਼ਨਰਾਂ (ਡੀ.ਸੀ.) ਨੂੰ ਪੱਤਰ ਲਿਖ ਕੇ ਮੁਹਿੰਮ ਦੌਰਾਨ ਕੀਤੀਆਂ ਜਾਣ ਵਾਲੀਆਂ ਸੁਝਾਈਆਂ ਗਤੀਵਿਧੀਆਂ ਦੀ ਸੂਚੀ ਵੀ ਦਿੱਤੀ ਹੈ। ਡਿਪਟੀ ਕਮਿਸ਼ਨਰ ਅਨੀਮੀਆ ਦੇ ਖਾਤਮੇ ਲਈ ਮਾਪਿਆਂ, ਅਧਿਆਪਕਾਂ, ਸਿਹਤ ਕਰਮਚਾਰੀਆਂ, ਅਤੇ ਸਮਾਜਿਕ ਆਗੂਆਂ ਸਮੇਤ ਸਾਰੇ ਹਿੱਸੇਦਾਰਾਂ ਦੇ ਮੇਲ ਨੂੰ ਯਕੀਨੀ ਬਣਾਉਣਗੇ।