ਕਾਂਗਰਸ ਪੰਜਾਬ ਦੀਆਂ ਸਾਰੀਆਂ ਦੀਆਂ ਸਾਰੀਆਂ13 ਸੀਟਾਂ ਜਿੱਤੇਗੀ – ਬਲਬੀਰ ਸਿੱਧੂ.
ਮੋਹਾਲੀ, 3 ਮਈ – ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਮੋਹਾਲੀ ਵਿਖੇ ਇੱਕ ਵਿਸ਼ਾਲ ਚੋਣ ਜਲਸੇ ਦੀ ਅਗਵਾਈ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਲਈ ਕਾਂਗਰਸੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ।
ਸ੍ਰੀ ਸਿੱਧੂ ਨੇ ਇਸ ਮੌਕੇ ਉੱਤੇ ਆਪਣੇ ਸੰਬੋਧਨ ਵਿਚ ਦਾਅਵਾ ਕੀਤਾ ਕਿ ਅਨੰਦਪੁਰ ਸਾਹਿਬ ਹਲਕੇ ਸਮੇਤ ਕਾਂਗਰਸ ਪਾਰਟੀ ਦੇ ਸਾਰੇ 13 ਹਲਕਿਆਂ ਵਿਚ ਜਿੱਤ ਪ੍ਰਾਪਤ ਕਰੇਗੀ। ਉਹਨਾਂ ਕਿਹਾ ਕਿ ਅਨੰਦਪੁਰ ਸਾਹਿਬ ਹਲਕੇ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਪਹਿਲੇ ਦਿਨ ਹੀ ਮਿਲੇ ਭਰਵੇਂ ਹੁੰਗਾਰੇ ਤੋਂ ਸਪਸ਼ਟ ਹੋ ਗਿਆ ਹੈ ਕਿ ਉਹ ਵੀ ਭਾਰੀ ਫ਼ਰਕ ਨਾਲ ਜਿੱਤ ਹਾਸਲ ਕਰਨਗੇ। ਉਹਨਾਂ ਹੋਰ ਕਿਹਾ ਕਿ ਮੋਹਾਲੀ ਹਲਕੇ ਦੇ ਸਾਰੇ ਕਾਂਗਰਸੀ ਵਰਕਰ ਉਹਨਾਂ ਦੀ ਜਿੱਤ ਲਈ ਦਿਨ ਰਾਤ ਮਿਹਨਤ ਕਰਨਗੇ। ਅੱਜ ਦੇ ਚੋਣ ਜਲਸੇ ਵਿਚ ਸ਼ਹਿਰ ਦੇ ਕੌਂਸਲਰਾਂ ਅਤੇ ਇਲਾਕੇ ਦੇ ਸਰਪੰਚਾਂ ਵਿਚ ਭਾਰੀ ਉਤਸ਼ਾਹ ਸੀ।
ਕਾਂਗਰਸੀ ਆਗੂ ਨੇ ਕਿਹਾ ਕਿ ਪੂਰੇ ਮੁਲਕ ਤੇ ਪੰਜਾਬ ਨੂੰ ਮੁੜ ਕਾਂਗਰਸ ਪਾਰਟੀ ਦੀ ਅਗਵਾਈ ਦੀ ਲੋੜ ਹੈ। ਉਹਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਸ਼ਰੇਆਮ ਸੰਵਿਧਾਨਕ ਸੰਸਥਾਵਾਂ ਨੂੰ ਤਬਾਹ ਕਰ ਕੇ ਲੋਕਤੰਤਰ ਦਾ ਗੱਲਾਂ ਘੋਟ ਰਹੀ ਹੈ।
ਸ੍ਰੀ ਸਿੱਧੂ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਤੋਂ ਮੂੰਹ ਮੋੜ ਲੈਣ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨੀ ਨਾਲ ਕੀਤੀ ਜਾ ਰਹੀ ਵਿਤਕਰੇਬਾਜ਼ੀ ਕਾਰਨ ਲੋਕਾਂ ਨੇ ਇਸ ਚੋਣ ਵਿਚ ਕਾਂਗਰਸ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੋਈ ਵਿਚਾਰਧਾਰਾ ਜਾਂ ਨੀਤੀ ਹੀ ਨਹੀਂ ਹੈ, ਇਸ ਲਈ ਉਸ ਤੋਂ ਪੰਜਾਬ ਦੇ ਭਲੇ ਦੀ ਆਸ ਨਹੀਂ ਕੀਤੀ ਜਾ ਸਕਦੀ। ਉਹਨਾਂ ਅੱਗੇ ਕਿਹਾ ਕਿ ਸੂਬੇ ਦਾ ਮੁੱਖ ਮੰਤਰੀ ਆਪਣੀ ਸਿਆਸਤ ਚਮਕਾਉਣ ਵਿਚ ਰੁੱਝਿਆ ਹੋਇਆ ਹੈ ਜਦੋਂ ਕਿ ਪੰਜਾਬ ਕਰਜ਼ੇ ਦੇ ਬੋਝ ਨਾਲ ਤਬਾਹੀ ਦੀ ਕਗਾਰ ਉੱਤੇ ਖੜ੍ਹਾ ਹੈ
ਸ਼੍ਰੀ ਸਿੱਧੂ ਨੇ ਤਨਜ਼ ਕਸਦਿਆਂ ਕਿਹਾ ਕਿ ਆਗਾਮੀ ਲੋਕ ਸਭ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਦੀ ਕੁਰਸੀ ਖ਼ਤਰੇ ਵਿਚ ਪੈ ਜਾਵੇਗੀ ਅਤੇ ਆਮ ਆਦਮੀ ਪਾਰਟੀ ਨੂੰ ਮੁੱਖ ਮੰਤਰੀ ਦਾ ਜਾਨਸ਼ੀਨ ਹੁਣੇ ਹੀ ਚੁਣ ਲੈਣਾਚਾਹੀਦਾ ਹੈ।